ਜੰਮੂ-ਕਸ਼ਮੀਰ ਦੀ ਸਿਆਸਤ ਨੇ ਇੱਕ ਵਾਰ ਫਿਰ ਕਰਵਟ ਲੈ ਸਕਦੀ ਹੈ । ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਇੱਕ ਬੈਠਕ ਬੁਲਾਈ ਹੈ ।
ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕੇਂਦਰ ਦੇ ਕਈ ਨੇਤਾ ਵੀ ਸ਼ਾਮਿਲ ਹੋ ਸਕਦੇ ਹਨ। ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੇ ਆਯੋਜਨ ਸਬੰਧੀ ਵਿਚਾਰ-ਵਟਾਂਦਰੇ ਦੀ ਸੰਭਾਵਨਾ ਹੈ।
ਅਗਸਤ 2019 ਵਿੱਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਖਤਮ ਕਰਨ ਅਤੇ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਕਰੀਬ ਦੋ ਸਾਲ ਬਾਅਦ ਜੰਮੂ-ਕਸ਼ਮੀਰ ਵਿੱਚ ਰਾਜਨੀਤਿਕ ਗਤਿਰੋਧ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਇਹ ਪਹਿਲੀ ਵੱਡੀ ਪਹਿਲ ਮੰਨੀ ਜਾ ਰਹੀ ਹੈ । ਇਸ ਬੈਠਕ ਵਿੱਚ ਜੰਮੂ-ਕਸ਼ਮੀਰ ਦੋਵਾਂ ਹੀ ਖੇਤਰਾਂ ਦੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।
ਦੱਸ ਦੇਈਏ ਕਿ ਇੱਕ ਨਿਊਜ਼ ਏਜੰਸੀ ਅਨੁਸਾਰ ਕੇਂਦਰ ਨੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ, ਜੰਮੂ-ਕਸ਼ਮੀਰ ਆਪਣੀ ਪਾਰਟੀ ਦੇ ਅਲਤਾਫ ਬੁਖਾਰੀ ਅਤੇ ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਨੂੰ ਬੈਠਕ ਲਈ ਸੱਦਾ ਦਿੱਤਾ ਹੈ । ਆਲ ਪਾਰਟੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਨਹੀਂ ਰਹੇ ਫਲਾਇੰਗ ਸਿੱਖ ‘ਮਿਲਖਾ ਸਿੰਘ’, PGI ਲਏ ਆਪਣੇ ਆਖ਼ਰੀ ਸਾਹ
ਇਸ ਸਬੰਧੀ ਮਹਿਬੂਬਾ ਮੁਫਤੀ ਵੱਲੋਂ ਵੀ ਪੁਸ਼ਟੀ ਕੀਤੀ ਗਈ ਹੈ ਕਿ 24 ਜੂਨ ਨੂੰ ਹੋਣ ਵਾਲੀ ਮੀਟਿੰਗ ਲਈ ਉਨ੍ਹਾਂ ਨੂੰ ਫੋਨ ਆਇਆ ਸੀ । ਉਨ੍ਹਾਂ ਕਿਹਾ, “ਮੈਂ ਹਾਲੇ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਨਹੀਂ ਕੀਤਾ ਹੈ । ਮੈਂ ਆਪਣੀ ਪਾਰਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰੀ ਫੈਸਲਾ ਲਵਾਂਗੀ।
ਗੌਰਤਲਬ ਹੈ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਜਪਾਲ ਮਨੋਜ ਸਿਨਹਾ ਸਣੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ । ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ, ਮੋਦੀ ਸਰਕਾਰ ਦੀ ਪਹਿਲੀ ਤਰਜੀਹ ਹੈ।