ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ ਗਈ, ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕ ਜ਼ਿੰਦਾ ਸੜ ਗਏ । ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਤੇ ਉਨ੍ਹਾਂ ਦੀਆਂ ਤਿੰਨ ਧੀਆਂ ਕਾਰ ਵਿੱਚ ਸਵਾਰ ਹੋ ਕੇ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ 1 ਤੋਂ 2 ਵਜੇ ਦੇ ਵਿਚਾਲੇ ਵਾਪਰਿਆ ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਜੇਕਰ ਹਾਦਸੇ ਬਾਰੇ ਦੇਖਿਆ ਜਾਵੇ ਤਾਂ ਜਾਪਦਾ ਹੈ ਕਿ ਕਾਰ ਨੂੰ ਪੁਲੀ ਨਾਲ ਟਕਰਾਉਣ ਅਤੇ ਪਲਟਣ ਤੋਂ ਬਾਅਦ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਖੈਰਾਗੜ੍ਹ ਦੇ ਗੋਲਬਾਜ਼ਾਰ ਵਾਸੀ ਕੋਚਰ ਪਰਿਵਾਰ ਦੇ ਲੋਕ ਬਲੌਦ ਤੋਂ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਤਿੰਨ 20-25 ਸਾਲ ਦੀਆਂ ਧੀਆਂ ਸ਼ਾਮਿਲ ਹਨ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ
ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਥੈਲਕਾਡੀਹ ਅਤੇ ਐਸਡੀਓ ਖਹਿਰਾਗੜ੍ਹ ਮੌਕੇ ’ਤੇ ਪਹੁੰਚ ਗਏ । ਰਾਜਨੰਦਗਾਓਂ ਦੇ ਵਧੀਕ ਪੁਲਿਸ ਸੁਪਰਡੈਂਟ ਸੰਜੇ ਮਹਾਦੇਵਾ ਨੇ ਦੱਸਿਆ ਕਿ ਪੁਲਿਸ ਅਤੇ ਫੋਰੈਂਸਿਕ ਟੀਮ ਘਟਨਾ ਦੀ ਜਾਂਚ ਵਿੱਚ ਲੱਗੀ ਹੋਈ ਹੈ। ਪੰਚਨਾਮਾ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫੋਰੈਂਸਿਕ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -: