ਸੋਮਵਾਰ ਨੂੰ ਪੂਰੀ ਦੁਨੀਆ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਲਖਨਊ ਸਥਿਤ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕੀਤਾ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇੱਕ ਟਵੀਟ ਕਰ ਕਿਹਾ ਕਿ, “ਦੇਸ਼, ਧਰਮ ਅਤੇ ਮਨੁੱਖਤਾ ਲਈ ਕੁਰਬਾਨੀਆਂ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਸਮਰਪਿਤ ‘ਸਾਹਿਬਜ਼ਾਦਾ ਦਿਵਸ’ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ‘ਸਾਹਿਬਜ਼ਾਦਾ ਦਿਵਸ’ ਸਾਨੂੰ ਹਮੇਸ਼ਾ ਜ਼ੁਲਮ ਅਤੇ ਅਧਰਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦਾ ਰਹੇਗਾ।”
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨਿਵਾਸ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਅੱਜ ਦੇ ਪ੍ਰੋਗਰਾਮ ‘ਚ ਉਪ ਮੁੱਖ ਮੰਤਰੀ ਡਾ. ਦਿਨੇਸ਼ ਸ਼ਰਮਾ, ਰਾਜ ਮੰਤਰੀ ਬਲਦੇਵ ਸਿੰਘ ਔਲਖ, ਭਾਜਪਾ ਦੇ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਲਖਨਊ ਦੇ ਮੇਅਰ ਸੰਯੁਕਤ ਭਾਟੀਆ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜ਼ੇ : BJP ਨੂੰ ਵੱਡਾ ਝਟਕਾ, AAP ਉਮੀਦਵਾਰ ਨੇ ਮੇਅਰ ਨੂੰ ਹਰਾਇਆ
ਉੱਥੇ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਏ ਜਿੱਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸ਼ਨੀਵਾਰ ਤੋਂ ਹੀ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਿਆਂ ’ਚ ਨਤਮਸਤਕ ਹੋ ਰਹੀ ਹੈ। ਅੱਜ ਸਵੇਰ ਤੋਂ ਵੀ ਸੰਗਤਾਂ ਵੱਡੀ ਗਿਣਤੀ ‘ਚ ਮੱਥਾ ਟੇਕਣ ਲਈ ਆ ਰਹੀਆਂ ਹਨ। ਸੰਗਤਾਂ ਲਈ ਥਾਂ-ਥਾਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਸ਼ਨੀਵਾਰ ਨੂੰ ਆਰੰਭ ਹੋਏ ਅਖੰਡ ਪਾਠ ਸਾਹਿਬ ਦੇ ਭੋਗ ਸੋਮਵਾਰ ਨੂੰ ਪਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: