Covid-19 Vaccination Drive: ਨਵੀਂ ਦਿੱਲੀ: ਭਾਰਤ ਵਿੱਚ ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਦੇ ਟੀਕੇ ਦੀ ਖੁਰਾਕ ਦਿੱਤੇ ਜਾਣ ਨਾਲ ਅੱਜ ਤੋਂ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਰਾਹੀਂ ਦਿਨ ਵਿੱਚ 10:30 ਵਜੇ ਦੇਸ਼ ਵਿੱਚ ਪਹਿਲੇ ਪੜਾਅ ਦੇ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨਗੇ । ਪੂਰੇ ਦੇਸ਼ ਵਿੱਚ ਇੱਕੋ ਸਮੇਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਸਦੇ ਲਈ ਕੁੱਲ 3006 ਟੀਕਾਕਰਨ ਕੇਂਦਰ ਬਣਾਏ ਗਏ ਹਨ।
ਰਾਜਸਥਾਨ ਵਿੱਚ ਜੈਪੁਰ ਦੇ ਸਵਾਈ ਮਾਨ ਸਿੰਘ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੁਧੀਰ ਭੰਡਾਰੀ ਨੂੰ ਸਭ ਤੋਂ ਪਹਿਲਾਂ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ, ਜਦੋਂਕਿ ਮੱਧ ਪ੍ਰਦੇਸ਼ ਵਿੱਚ ਇੱਕ ਹਸਪਤਾਲ ਦੇ ਸੁਰੱਖਿਆ ਗਾਰਡ ਅਤੇ ਇੱਕ ਸਹਿਯੋਗੀ ਸਮੇਤ ਹੋਰ ਲੋਕ ਸਭ ਤੋਂ ਪਹਿਲਾਂ ਇਹ ਟੀਕਾ ਲੈਣ ਵਾਲਿਆਂ ਵਿੱਚ ਸ਼ਾਮਿਲ ਹੋਣਗੇ। ਪੀਐੱਮ ਮੋਦੀ ਨੇ ਕਿਹਾ ਹੈ ਕਿ ਦੇਸ਼ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਰੁੱਧ ਫੈਸਲਾਕੁੰਨ ਪੜਾਅ ਵਿੱਚ ਦਾਖਲ ਹੋਵੇਗਾ । ਉਨ੍ਹਾਂ ਨੇ ਟਵੀਟ ਕੀਤਾ, “16 ਜਨਵਰੀ ਨੂੰ ਦੇਸ਼ ਪੱਧਰ ‘ਤੇ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ।”
ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਪੂਰੇ ਦੇਸ਼ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਜਨਤਕ ਭਾਗੀਦਾਰੀ ਦੇ ਸਿਧਾਂਤਾਂ ‘ਤੇ ਇਸ ਦੀ ਸ਼ੁਰੂਆਤ ਲਈ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ । ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਿਹਤ ਮੰਤਰਾਲੇ ਦੇ ਨਿਰਮਾਣ ਭਵਨ ਦੇ ਅਹਾਤੇ ਵਿੱਚ ਬਣਾਏ ਗਏ ਵਿਸ਼ੇਸ਼ ਕੋਵਿਡ-19 ਕੰਟਰੋਲ ਰੂਮ ਦਾ ਜਾਇਜ਼ਾ ਲਿਆ।
ਵੈਕਸੀਨੇਸ਼ਨ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਹੀ ਤਰੀਕੇ ਨਾਲ ਪੂਰਕ ਤਰਜੀਹ ਸਮੂਹ ਦੇ ਲੋਕਾਂ ਨੂੰ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ । ਇਸ ਪੜਾਅ ਵਿੱਚ ਆਈਸੀਡੀਐਸ (ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ) ਦੇ ਕਰਮਚਾਰੀਆਂ ਸਮੇਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਨੂੰ ਇਸ ਪੜਾਅ ਵਿੱਚ ਟੀਕੇ ਦਿੱਤੇ ਜਾਣਗੇ। ਹਰਸ਼ ਵਰਧਨ ਨੇ ਕਿਹਾ ਕਿ ਕੋਵਿਡ-19 ਵਿਰੁੱਧ ਭਾਰਤ ਦੀ ਟੀਕਾਕਰਨ ਮੁਹਿੰਮ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਹੋਵੇਗੀ।
ਇਹ ਵੀ ਦੇਖੋ: ਰਾਜਭਵਨ ਘੇਰਨ ਗਾਇਕਾਂ ਤੋਂ ਲੈਕੇ ਕਾਂਗਰਸੀ ਮੰਤਰੀ,ਵਰਕਰ ਸਭ ਪਹੁੰਚੇ ! ਫੇਰ ਦੇਖੋ ਕਿੱਥੇ ਮੁੱਕੀ ਗੱਲ