CoWin platform to open: ਨਵੀਂ ਦਿੱਲੀ: 1 ਮਈ ਤੋਂ ਕੋਰੋਨਾ ਖਿਲਾਫ ਟੀਕਾਕਰਨ ਦੇ ਤੀਜੇ ਪੜਾਅ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ, ਇਸ ਦੇ ਲਈ ਵੀਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਹੁਣ ਸ਼ਨੀਵਾਰ ਨੂੰ ਕੋਰੋਨਾ ਵੈਕਸਿਨ ਲਈ ਕੋਵਿਨ ਐਪ ‘ਤੇ ਰਜਿਸਟ੍ਰੇਸ਼ਨ ਕਰਵਾ ਸਕੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕ ਭਾਰਤ ਦੀ ਟੀਕਾਕਰਣ ਮੁਹਿੰਮ ਦੇ ਤੀਜੇ ਪੜਾਅ ਤਹਿਤ ਟੀਕਾ ਲਗਵਾ ਸਕਣਗੇ । ਇਸ ਤੋਂ ਪਹਿਲਾਂ 45 ਸਾਲ ਦੇ ਉੱਪਰ ਵਾਲੇ ਸਾਰੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਸੀ ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕੇਂਦਰ ਸਰਕਾਰ ਵੱਲੋਂ ਟੀਕੇ ਦੇ ਨਵੇਂ ਪੜਾਅ ਦਾ ਐਲਾਨ ਕੀਤਾ ਗਿਆ ਸੀ । ਜਿਸ ਦੇ ਤਹਿਤ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਦਿੱਤੀ ਗਈ ਸੀ। ਖ਼ਾਸ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਾਲੇ ਨੌਜਵਾਨਾਂ ਨੂੰ ਵੈਕਸੀਨ ਦਿੱਤੇ ਜਾਣ ਦੀ ਮੰਗ ਤੇਜ਼ ਹੋ ਗਈ ਸੀ । ਇਸ ਤੋਂ ਇਲਾਵਾ ਦੇਸ਼ ਦੇ ਨਾਮ ਸੰਬੋਧਨ ਵਿੱਚ ਵੀ ਨੌਜਵਾਨਾਂ ਨੂੰ ਵੈਕਸੀਨ ਦਿੱਤੇ ਜਾਣ ਦਾ ਜ਼ਿਕਰ ਕੀਤਾ ਸੀ।
ਰਿਪੋਰਟ ਦੇ ਅਨੁਸਾਰ ਰਾਸ਼ਟਰੀ ਸਿਹਤ ਅਥਾਰਟੀ ਦੇ ਸੀਈਓ ਆਰਐਸ ਸ਼ਰਮਾ ਨੇ ਵੀਰਵਾਰ ਨੂੰ ਕਿਹਾ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕੇ ਦੀ ਰਜਿਸਟ੍ਰੇਸ਼ਨ 48 ਘੰਟਿਆਂ ਵਿੱਚ ਸ਼ੁਰੂ ਹੋ ਜਾਵੇਗੀ । ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਕੋਵੈਕਸਿਨ ਅਤੇ ਕੋਵਿਸ਼ਿਲਡ ਤੋਂ ਇਲਾਵਾ ਕੁਝ ਕੇਂਦਰਾਂ ‘ਤੇ ਰਸ਼ੀਅਨ ਟੀਕਾ ਸਪੁਤਨਿਕ 5 ਦਾ ਵਿਕਲਪ ਵੀ ਹੋਵੇਗਾ । ਉਨ੍ਹਾਂ ਦੱਸਿਆ ਕਿ ਟੀਕੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਧੇਰੇ ਕੇਂਦਰ ਅਤੇ ਨਿੱਜੀ ਸਥਾਨ ਸਥਾਪਿਤ ਕੀਤੇ ਜਾ ਰਹੇ ਹਨ।