curfew imposed in assam: ਅਸਾਮ: ਅਯੁੱਧਿਆ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਨਾਲ ਹੀ ਰਾਮਨਗਰੀ ਵਿੱਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਵੀ ਸ਼ੁਰੂ ਹੋਈ। ਅਯੁੱਧਿਆ ਵਿੱਚ ਭੂਮੀ ਪੂਜਨ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਵਿਸ਼ੇਸ਼ ਮੌਕੇ ‘ਤੇ ਸਾਰਿਆਂ ਨੇ ਦੀਪ ਜਗਾ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ। ਇਸ ਸਮੇਂ ਦੌਰਾਨ ਬਹੁਤ ਸਾਰੇ ਲੋਕਾਂ ਨੇ ਆਤਿਸ਼ਬਾਜ਼ੀ ਕੀਤੀ ਜਦਕਿ ਕੁੱਝ ਨੇ ਮੋਟਰਸਾਈਕਲ ਰੈਲੀਆਂ ਕਰਕੇ ਜੈ ਸ੍ਰੀ ਰਾਮ ਦੇ ਨਾਅਰੇ ਲਗਾਏ। ਅਸਾਮ ਵਿੱਚ ਵੀ ਇੱਕ ਮੋਟਰਸਾਈਕਲ ਰੈਲੀ ਦੌਰਾਨ ਦੋ ਧੜਿਆਂ ਵਿੱਚ ਝੜਪ ਹੋਈ। ਇਹ ਘਟਨਾ ਅਸਾਮ ਦੇ ਸੋਨੀਤਪੁਰ ਜ਼ਿਲੇ ਦੇ ਤੇਲੀਆਗਾਓਂ ਖੇਤਰ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 14 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ ਜਦਕਿ ਕਈ ਵਾਹਨਾਂ ਨੂੰ ਅੱਗ ਵੀ ਲਗਾਈ ਗਈ ਸੀ।
ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਥਾਣਿਆਂ ਇਲਾਕਿਆਂ ਥੈਲਮਾਰਾ ਅਤੇ ਡੇਕਅਜ਼ੁਲੀ ਵਿੱਚ ਕਰਫਿਊ ਲਗਾ ਦਿੱਤਾ ਹੈ। ਸੋਨੀਤਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਮਨਵੇਂਦਰ ਸਿੰਘ ਨੇ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਅਤੇ ਕਿਹਾ ਕਿ ਇਹ ਹੁਕਮ ਅਮਨ-ਕਾਨੂੰਨ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕੁਲੈਕਟਰ ਨੇ ਕਿਹਾ ਕਿ ਕੁੱਝ ਗਰੁੱਪ ਪ੍ਰੋਟੈਸਟ ਦੇ ਨਾਮ ‘ਤੇ ਹਿੰਸਾ ਦੀ ਕੋਸ਼ਿਸ਼ ਕਰ ਰਹੇ ਸਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮੋਟਰਸਾਈਕਲ ਰੈਲੀ ਦੌਰਾਨ ਦੋਵਾਂ ਧੜਿਆਂ ਦਰਮਿਆਨ ਨਾਅਰੇਬਾਜ਼ੀ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਝਗੜਾ ਵਧਦਾ ਗਿਆ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ, ਕਈ ਰਾਉਂਡ ਫਾਇਰ ਕਰਨ ਤੋਂ ਬਾਅਦ ਸਥਿਤੀ ਨੂੰ ਕਾਬੂ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਹੈ।