Death Toll Rises to 19: ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇੱਕ ਪਟਾਕਾ ਫ਼ੈਕਟਰੀ ਵਿੱਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਇਸ ਘਟਨਾ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਲਗਭਗ 12 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ ਵਿੱਚ ਅਚਾਨਕ ਇੱਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਫਿਲਹਾਲ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਅਚਾਨਕਕੁਲਮ ਪਿੰਡ ਵਿੱਚ ਸਥਿਤ ਫੈਕਟਰੀ ਵਿੱਚ ਉਸ ਸਮੇਂ ਹੋਇਆ ਜਦੋਂ ਪਟਾਕੇ ਬਣਾਉਣ ਲਈ ਕੁਝ ਰਸਾਇਣਾਂ ਨੂੰ ਮਿਲਾਇਆ ਜਾ ਰਿਹਾ ਸੀ । ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਤਾਮਿਲਨਾਡੂ ਦੇ ਮੁੱਖ ਮੰਤਰੀ ਕੇ ਪਲਾਨੀਸਵਾਮੀ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਪੀਐੱਮ ਮੋਦੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦੋ ਲੱਖ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਪਲਾਨੀਸਵਾਮੀ ਨੇ ਵੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮੁੱਖ ਮੰਤਰੀ ਪਬਲਿਕ ਰਿਲੀਫ ਫੰਡ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪਲਾਨੀਸਵਾਮੀ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੰਦਿਆਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਧਮਾਕੇ ਕਾਰਨ ਫੈਕਟਰੀ ਦੀ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਇਸ ਨੇ ਹਾਦਸੇ ‘ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਤਾਮਿਲਨਾਡੂ ਦੇ ਵਿਰੂਧੁਨਗਰ ਵਿੱਚ ਸਥਿਤ ਇੱਕ ਪਟਾਕੇ ਫੈਕਟਰੀ ਵਿੱਚ ਲੱਗੀ ਅੱਗ ਦੀ ਘਟਨਾ ਤੋਂ ਬਹੁਤ ਦੁਖੀ ਹਾਂ । ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਮੇਰਾ ਦੁੱਖ । ਮੈਨੂੰ ਉਮੀਦ ਹੈ ਕਿ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣਗੇ । ਪ੍ਰਸ਼ਾਸਨ ਇਸ ਘਟਨਾ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ।