ਦਿੱਲੀ ਵਿੱਚ ਦੇਰ ਰਾਤ ਤੋਂ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਦਿੱਲੀ ਵਿੱਚ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸ ਭਾਰੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ।
ਦਿੱਲੀ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਨੀਚੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਸਣੇ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
ਮੌਸਮ ਵਿਗਿਆਨੀਆਂ ਵੱਲੋਂ ਦਰਮਿਆਨੇ ਮੀਂਹ ਅਤੇ ਤੂਫ਼ਾਨ ਦੇ ਨਾਲ ਬੱਦਲਵਾਈ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਦਰਅਸਲ, ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਹਰ ਜਗ੍ਹਾ ਪਾਣੀ ਭਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਵੀ ਪਾਣੀ ਭਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਜਹਾਜ਼ ਪਾਣੀ ਵਿੱਚ ਡੁੱਬੇ ਹੋਏ ਦਿਖਾਈ ਦੇ ਰਹੇ ਹਨ।
ਦੱਸ ਦੇਈਏ ਕਿ ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਸਫਦਰਗੰਜ ਵਿੱਚ ਹੁਣ ਤੱਕ ਕੁੱਲ 1100 ਮਿਮੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਦਿੱਲੀ ਵਿੱਚ 1050 ਮਿਮੀ ਬਾਰਿਸ਼ ਦਰਜ ਕੀਤੀ ਗਈ ਸੀ। ਇਨ੍ਹਾਂ ਅੰਕੜਿਆਂ ਅਨੁਸਾਰ ਪਿਛਲੇ 46 ਸਾਲਾਂ ਬਾਅਦ ਇਸ ਸਾਲ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।