Delhi borders security increased: ਨਵੀਂ ਦਿੱਲੀ: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਵਾਧਾ ਕੀਤਾ ਹੈ ਅਤੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੇ ਸਾਰੇ ਸਥਾਨਾਂ ‘ਤੇ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਸੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਪੰਜ ਪ੍ਰਵੇਸ਼ ਰਸਤੇ ਰੋਕਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਰੱਖੀ ਗਈ ਸ਼ਰਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਫੈਸਲਾਕੁੰਨ ਲੜਾਈ ਲਈ ਆਏ ਹਨ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ‘ਮਨ ਕੀ ਬਾਤ’ ਸੁਣਨ। ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਨਿਰੰਤਰ ਪ੍ਰਦਰਸ਼ਨ ਜਾਰੀ ਹਨ। ਇਥੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਲਗਾਤਾਰ ਪੰਜਵੇਂ ਦਿਨ ਡਟੇ ਹੋ ਰਹੇ ਹਨ। ਗੁਆਂਢੀ ਰਾਜ ਉੱਤਰ ਪ੍ਰਦੇਸ਼ ਤੋਂ ਹੋਰ ਕਿਸਾਨਾਂ ਦੇ ਆਉਣ ਨਾਲ ਗਾਜੀਪੁਰ ਸਰਹੱਦ ‘ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੱਧ ਗਈ ਹੈ। ਸਿੰਘੂ ਸਰਹੱਦ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਦਿੱਲੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਵਿੱਚ ਵਾਧਾ ਕੀਤਾ ਹੈ ਅਤੇ ਕਈ ਰਾਹਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਇਸ ਦੌਰਾਨ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਅਤੇ ਸੜਕਾਂ ਜਾਮ ਹੋ ਗਈਆਂ ਸਨ।
ਇਹ ਵੀ ਦੇਖੋ : Yograj Singh ਨੇ ਕਰ ਦਿੱਤਾ Ambani-Adani ਨੂੰ Challenge, ਵੜ ਕੇ ਦਿਖਾਓ Punjab