Delhi Chalo protest: ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਜਿੱਥੇ ਪੰਜਾਬ ਦੇ ਕਿਸਾਨ ਹੁਣ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਲਈ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਉੱਥੇ ਹੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਵਿਸ਼ੇਸ਼ ਤਿਆਰੀ ਕੀਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ।
ਕਰਨਾਲ ਵਿੱਚ ਪੁਲਿਸ ਵੱਲੋਂ ਨੈਸ਼ਨਲ ਹਾਈਵੇ ‘ਤੇ ਪੂਰੇ ਪ੍ਰਬੰਧ ਕੀਤੇ ਗਏ ਹਨ । ਕਰਨਾਲ ਵਿੱਚ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਪੱਥਰ ਆਦਿ ਸੜਕ ਵਿਚਾਲੇ ਲਗਾ ਦਿੱਤੇ ਗਏ ਹਨ ਤਾਂ ਜੋ ਕਿਸਾਨ ਇਨ੍ਹਾਂ ਨੂੰ ਪਾਰ ਨਾ ਕਰ ਸਕਣ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਵੱਡੇ ਪੱਥਰਾਂ ਤੋਂ ਇਲਾਵਾ ਵੱਡੇ ਲੋਡਰ ਵੀ ਲਗਾਏ ਗਏ ਹਨ।
ਹਰਿਆਣਾ ਪੰਜਾਬ ਦਾ ਗੁਆਂਢੀ ਸੂਬਾ ਹੈ। ਜਿਸ ਕਾਰਨ ਦਿੱਲੀ ਤੱਕ ਕਿਸਾਨਾਂ ਨੂੰ ਪਹੁੰਚਣ ਤੋਂ ਰੋਕਣ ਲਈ ਅਜਿਹੇ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਬਾਰਡਰ ‘ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਕੁੱਝ ਕਿਸਾਨ ਅੰਬਾਲਾ ਅਤੇ ਹਰਿਆਣਾ ਬਾਰਡਰ ‘ਤੇ ਪਹੁੰਚੇ, ਜਿੱਥੇ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਤੋੜ ਦਿੱਤਾ ਹੈ ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਵੀ ਹੋਈ । ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪੁਲਿਸ ਨਾਲ ਭਿੜਦੇ ਹੋਏ ਵੀ ਦਿਖਾਈ ਦਿੱਤੇ। ਅੱਜ ਕਿਸਾਨਾਂ ਦੇ ਮਹਾਂਧਰਨੇ ਦੇ ਮੱਦੇਨਜ਼ਰ ਹਰਿਆਣਾ ਵਿੱਚ ਧਾਰਾ 144 ਲਾਗੂ ਕਰ ਕੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ।
ਇਹ ਵੀ ਦੇਖੋ: ਕਿਸਾਨਾਂ ਨੂੰ ਰੋਕਣ ਦੀ ਪੂਰੀ ਤਿਆਰੀ ਕੰਡਿਆਲੀਆਂ ਤਾਰਾਂ ਤੇ ਭਾਰੀ ਪੱਥਰਾਂ ਨਾਲ ਰੋਕਿਆ ਰਾਹ