Delhi facing third wave of coronavirus: ਦੇਸ਼ ਵਿੱਚ ਕੁੱਲ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 83 ਲੱਖ ਨੂੰ ਪਾਰ ਕਰ ਗਿਆ ਹੈ । ਇਕੱਲੇ ਦਿੱਲੀ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 4 ਲੱਖ ਤੋਂ ਪਾਰ ਹੋ ਗਈ ਹੈ। ਬੀਤੇ ਕੁਝ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਵਿੱਚ ਕੋਰੋਨਾ ਦੇ ਤੇਜ਼ੀ ਨਾਲ ਨਵੇਂ ਕੇਸ ਸਾਹਮਣੇ ਆਏ ਹਨ । ਦਿੱਲੀ ਸਰਕਾਰ ਦਾ ਮੰਨਣਾ ਹੈ ਕਿ ਇਹ ਕੋਰੋਨਾ ਦੀ ਤੀਜੀ ਲਹਿਰ ਹੈ। ਹੁਣ ਸਰਕਾਰ ਨੇ ਇਸ ਨਾਲ ਨਜਿੱਠਣ ਲਈ ਉੱਚ ਪੱਧਰੀ ਬੈਠਕ ਬੁਲਾਈ ਹੈ।
ਇਸ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਇੱਕ ਸਮੀਖਿਆ ਬੈਠਕ ਬੁਲਾਈ ਗਈ ਹੈ । ਵੀਰਵਾਰ ਸ਼ਾਮ ਨੂੰ 4 ਵਜੇ ਕੋਰੋਨਾ ‘ਤੇ ਇੱਕ ਬੈਠਕ ਹੋਵੇਗੀ। ਇਸ ਬੈਠਕ ਵਿੱਚ ਆਈਸੀਯੂ ਬੈੱਡ, ਵੈਂਟੀਲੇਟਰਾਂ ਅਤੇ ਬੈੱਡ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਹਾਲ ਹੀ ਵਿੱਚ ਕੋਰੋਨਾ ਮਾਮਲੇ ਵਧਣ ਤੋਂ ਬਾਅਦ ਕਈ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਦੀ ਕਮੀ ਹੋ ਗਈ ਹੈ। ਇਸ ਬਾਰੇ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦਿੱਲੀ ਵਿੱਚ ਕੋਰੋਨਾ ਮਾਮਲੇ ਕਾਫੀ ਵਧੇ ਹਨ । ਇਸ ਨੂੰ ਤੀਜੀ ਲਹਿਰ ਕਿਹਾ ਜਾ ਸਕਦਾ ਹੈ। ਕੱਲ ਇਸਨੂੰ ਲੈ ਕੇ ਸਮੀਖਿਆ ਮੀਟਿੰਗ ਹੋ ਰਹੀ ਹੈ। ਹਸਪਤਾਲਾਂ ਵਿੱਚ ਬੈਡਾਂ ਦੀ ਘਾਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਅਸੀਂ ਪ੍ਰਾਈਵੇਟ ਹਸਪਤਾਲਾਂ ਵਿੱਚ ਆਈਸੀਯੂ ਬੈੱਡ ਲਈ ਸੁਪਰੀਮ ਕੋਰਟ ਵੀ ਜਾ ਰਹੇ ਹਾਂ।
ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਜਾਂਚ ਰਿਪੋਰਟ ਵਿੱਚ 6,725 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕਿਸੇ ਇੱਕ ਦਿਨ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਹਨ । ਦਿੱਲੀ ਵਿੱਚ ਕੇਸਾਂ ਦੀ ਕੁੱਲ ਗਿਣਤੀ 4,03,096 ਹੋ ਗਈ ਹੈ । ਇਸ ਤੋਂ ਪਹਿਲਾਂ 30 ਅਕਤੂਬਰ ਨੂੰ 5,891 ਨਵੇਂ ਕੇਸ ਦਰਜ ਹੋਏ ਸਨ।