Delhi farmers protest: ਖੇਤੀਬਾੜੀ ਕਾਨੂੰਨਾਂ ਖਿਲਾਫ ਪਿਛਲੇ 6 ਦਿਨਾਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ । ਅੱਜ ਵਿਰੋਧ ਪ੍ਰਦਰਸ਼ਨ ਦਾ ਸੱਤਵਾਂ ਦਿਨ ਹੈ, ਪਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਿਹਾ ਗਤਿਰੋਧ ਘਟਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ। ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜੀਪੁਰ ਬਾਰਡਰ ਤੋਂ ਬਾਅਦ ਹੁਣ ਕਿਸਾਨ ਨੋਇਡਾ-ਦਿੱਲੀ ਚਿੱਲਾ ਬਾਰਡਰ ‘ਤੇ ਵੀ ਡੱਟ ਗਏ ਹਨ । ਕਿਸਾਨ ਦਿੱਲੀ-ਯੂਪੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਬੈਠੇ ਹੋਏ ਹਨ, ਜਿਸ ਕਾਰਨ ਦਿੱਲੀ ਦੇ ਦੋ ਬਾਰਡਰ ਪੂਰੀ ਤਰ੍ਹਾਂ ਸੀਲ ਹਨ । ਦੋਨੋਂ ਬਾਰਡਰ ਸੀਲ ਹੋਣ ਕਾਰਨ ਕਿਸਾਨਾਂ ਨੇ ਹੰਗਾਮਾ ਕੀਤਾ ਅਤੇ ਬੈਰੀਕੇਡ ਸੁੱਟ ਦਿੱਤੇ।
ਦਰਅਸਲ, ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉਤਰਨ ਵਾਲੇ ਕਿਸਾਨ ਅਜੇ ਵੀ ਆਪਣੀ ਲੜਾਈ ਲੜ ਰਹੇ ਹਨ । ਪਿਛਲੇ ਹਫਤੇ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਇਕੱਠੇ ਹੋ ਰਹੇ ਹਨ । ਪਿਛਲੇ ਦਿਨੀਂ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਹੋਈ ਗੱਲਬਾਤ ਦਾ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ ਹੈ । ਇਸ ਕਾਰਨ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਹੁੰਦੇ ਉਨ੍ਹਾਂ ਦਾਅੰਦੋਲਨ ਜਾਰੀ ਰਹੇਗਾ।
ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਦਿੱਲੀ ਦੀਆਂ ਦੋ ਸਰਹੱਦਾਂ ਪੂਰੀ ਤਰ੍ਹਾਂ ਸੀਲ ਹੋ ਗਈਆਂ ਹਨ। ਦੋਵਾਂ ਸਰਹੱਦਾਂ ਦੇ ਸੀਲ ਹੋਣ ਕਾਰਨ ਸਬਜ਼ੀਆਂ ਦੀ ਸਪਲਾਈ ਦਾ ਅਸਰ ਪਿਆ ਹੈ। ਦਿੱਲੀ ਦੀਆਂ ਦੋ ਵੱਡੀਆਂ ਸਬਜ਼ੀ ਮੰਡੀਆਂ ਅਜ਼ਾਦਪੁਰ ਅਤੇ ਗਾਜ਼ੀਪੁਰ ਮੰਡੀ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਜੇ ਅੰਦੋਲਨ ਲੰਬੇ ਸਮੇਂ ਤੱਕ ਚਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਲੋਕਾਂ ਲਈ ਪ੍ਰੇਸ਼ਾਨੀ ਹੋ ਸਕਦੀ ਹੈ।
ਦੱਸ ਦੇਈਏ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਸਾਢੇ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਬੈਠਕ ਬੇਨਤੀਜਾ ਰਹੀ। ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਕਿਸਾਨ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਜਿਸ ਨੂੰ ਕਿਸਾਨ ਸੰਗਠਨ ਦੇ ਨੁਮਾਇੰਦਿਆਂ ਨੇ ਠੁਕਰਾ ਦਿੱਤਾ ।