Delhi government allows schools to reopen: ਕੋਰੋਨਾ ਕਾਰਨ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ਨੂੰ ਹੁਣ ਦਿੱਲੀ ਸਰਕਾਰ ਨੇ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਦਰਅਸਲ, ਦਿੱਲੀ ਸਰਕਾਰ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਹਨ । ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ ਸਕੂਲ 18 ਜਨਵਰੀ ਤੋਂ ਖੁੱਲ੍ਹਣਗੇ। ਇਹ ਫੈਸਲਾ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ । ਹਾਲ ਹੀ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਅਸੀਂ ਬੋਰਡ ਦੀ ਪ੍ਰੀਖਿਆ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਬਾਰੇ ਵਿਚਾਰ ਕਰ ਰਹੇ ਹਾਂ।
ਦੱਸ ਦੇਈਏ ਕਿ 16 ਮਾਰਚ 2020 ਨੂੰ ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਜਰੀਵਾਲ ਸਰਕਾਰ ਨੇ ਸਾਰੇ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਉਸ ਸਮੇਂ ਤੋਂ ਰਾਜਧਾਨੀ ਦੇ ਸਾਰੇ ਸਕੂਲ ਬੰਦ ਹਨ । ਹਾਲਾਂਕਿ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਹੁਣ ਸਕੂਲ ਖੋਲ੍ਹਣ ਦੇ ਆਦੇਸ਼ ਕੋਰੋਨਾ ਦੀ ਗਤੀ ਅਤੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਦੇ ਨਾਲ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 7 ਜਨਵਰੀ ਤੋਂ ਰਾਜ ਦੇ ਸਾਰੇ ਸਕੂਲ ਦਿੱਤੇ ਹਨ । ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਾਰੇ ਪ੍ਰਾਈਵੇਟ ਸਕੂਲ ਖੁੱਲ੍ਹ ਰਹੇ ਹਨ । ਇੱਥੇ ਸਕੂਲਾਂ ਦਾ ਸ਼ੁਰੂਆਤੀ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ। ਪੰਜਾਬ ਵਿੱਚ ਫਿਲਹਾਲ 5 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਆਗਿਆ ਹੈ। ਇਸਦੇ ਨਾਲ ਹੀ ਗੁਜਰਾਤ ਵਿੱਚ ਵੀ 11 ਜਨਵਰੀ ਤੋਂ 10ਵੀਂ ਅਤੇ 12 ਵੀਂ ਜਮਾਤ ਦੇ ਬੱਚੇ ਸਕੂਲ ਆ ਰਹੇ ਹਨ।