ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਮੁਫਤ ਰਾਸ਼ਨ ਯੋਜਨਾ ਨੂੰ ਛੇ ਮਹੀਨਿਆਂ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦੇ ਤਹਿਤ ਮਿਲਣ ਵਾਲੇ ਰਾਸ਼ਨ ਨੂੰ ਹੋਰ 6 ਮਹੀਨਿਆਂ ਲਈ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ। ਆਮ ਆਦਮੀ ਨੂੰ ਦੋ ਵਕਤ ਦੀ ਰੋਟੀ ਵੀ ਔਖੀ ਹੋ ਰਹੀ ਹੈ। ਜਦਕਿ ਕਈ ਕੋਰੋਨਾ ਕਾਰਨ ਬੇਰੁਜ਼ਗਾਰ ਹੋ ਗਏ ਹਨ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਜੀ, ਕਿਰਪਾ ਕਰਕੇ ਗਰੀਬਾਂ ਨੂੰ ਮੁਫਤ ਰਾਸ਼ਨ ਦੇਣ ਦੀ ਇਸ ਯੋਜਨਾ ਨੂੰ ਹੋਰ ਛੇ ਮਹੀਨਿਆਂ ਲਈ ਵਧਾਓ।
ਅਸਲ ਵਿੱਚ ਕੇਂਦਰ ਸਰਕਾਰ ਵਿੱਚ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੇ ਤਹਿਤ ਗਰੀਬਾਂ ਨੂੰ ਨਵੰਬਰ ਤੋਂ ਬਾਅਦ ਮੁਫਤ ਰਾਸ਼ਨ ਨਹੀਂ ਮਿਲੇਗਾ। ਇਸ ਦੇ ਨਾਲ ਉਨ੍ਹਾਂ ਕਿਹਾ, ‘ਦੇਸ਼ ਦੀ ਅਰਥਵਿਵਸਥਾ ਪਟੜੀ ‘ਤੇ ਵਾਪਸ ਆ ਰਹੀ ਹੈ, ਇਸੇ ਲਈ ਮੁਫਤ ਰਾਸ਼ਨ ਦੇਣ ਦੀ ਯੋਜਨਾ ਨੂੰ ਨਵੰਬਰ ਤੋਂ ਅੱਗੇ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।’
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਐਲਾਨ ਪਿਛਲੇ ਸਾਲ ਮਾਰਚ ਵਿੱਚ ਕੀਤਾ ਗਿਆ ਸੀ। ਉਦੋਂ ਤੋਂ ਇਸ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ਼ੁਰੂ ਵਿੱਚ ਇਹ ਸਕੀਮ ਅਪ੍ਰੈਲ-ਜੂਨ 2020 ਦੀ ਮਿਆਦ ਲਈ ਸ਼ੁਰੂ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸਨੂੰ 30 ਨਵੰਬਰ, 2021 ਤੱਕ ਵਧਾ ਦਿੱਤਾ ਗਿਆ। PMGKAY ਦੇ ਤਹਿਤ, 80 ਕਰੋੜ ਤੋਂ ਵੱਧ ਲੋਕਾਂ ਨੂੰ ਪ੍ਰਤੀ ਮਹੀਨਾ 5 ਕਿਲੋਗ੍ਰਾਮ ਮੁਫਤ ਕਣਕ/ਚਾਵਲ ਦੇ ਨਾਲ-ਨਾਲ ਹਰੇਕ ਪਰਿਵਾਰ ਨੂੰ 1 ਕਿਲੋਗ੍ਰਾਮ ਮੁਫਤ ਪੂਰੇ ਛੋਲੇ ਦਿੱਤੇ ਜਾ ਰਹੇ ਹਨ। ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ, ਮੁਫਤ ਰਾਸ਼ਨ ਲਈ 80 ਕਰੋੜ ਰਾਸ਼ਨ ਕਾਰਡ ਧਾਰਕਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਵੰਡੇ ਜਾਣ ਵਾਲੇ ਸਬਸਿਡੀ ਵਾਲੇ ਅਨਾਜ ਤੋਂ ਇਲਾਵਾ ਮੁਫ਼ਤ ਰਾਸ਼ਨ ਦਿੱਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: