Delhi govt cancels: ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੋਰੋਨਾ ਸੰਕਟ ਦੇ ਚੱਲਦਿਆਂ ਆਪਣੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਜੋ ਇਸ ਸਾਲ ਨਹੀਂ ਹੋ ਸਕੀਆਂ, ਨੂੰ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਦਿੱਲੀ ਰਾਜ ਦੀਆਂ ਯੂਨੀਵਰਸਿਟੀਆਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈਆਂ ਹਨ । ਦਰਅਸਲ, UGC ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ 30 ਸਤੰਬਰ ਤੱਕ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦਾ 31 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਵਿਰੋਧ ਕੀਤਾ ਹੈ । ਵਿਦਿਆਰਥੀਆਂ ਦਾ ਤਰਕ ਹੈ ਕਿ ਕੋਰੋਨਾ ਸੰਕਟ ਵਿੱਚ ਹਰ ਵਿਦਿਆਰਥੀ ਲਈ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋਣਾ ਸੰਭਵ ਨਹੀਂ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਣੀ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ UGC ਨੇ ਸਕੂਲ-ਕਾਲਜ ਪ੍ਰੀਖਿਆਵਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜਿਸ ਅਨੁਸਾਰ 30 ਸਤੰਬਰ ਤੱਕ ਪ੍ਰੀਖਿਆ ਲਈ ਜਾਣੀ ਸੀ। ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਮਿਲਣ ਤੋਂ ਬਾਅਦ UGC ਨੇ ਇੱਕ ਸੋਧੀ ਹੋਈ ਗਾਈਡਲਾਈਨ ਜਾਰੀ ਕੀਤੀ ਸੀ, ਜਿਸ ਵਿੱਚ ਜੁਲਾਈ ਵਿੱਚ ਪ੍ਰੀਖਿਆ ਦੇਣ ਲਈ ਲਾਜ਼ਮੀ ਖ਼ਤਮ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਅੰਤਿਮ ਸਾਲ ਦੀਆਂ ਪ੍ਰੀਖਿਆਵਾਂ ਲਾਜ਼ਮੀ ਦੱਸਦੇ ਹੋਏ ਉਹਨਾਂ ਨੂੰ ਸਤੰਬਰ ਦੇ ਅਖੀਰ ਵਿੱਚ ਕਰਵਾਉਣ ਦੀ ਆਗਿਆ ਦਿੱਤੀ ਗਈ ਸੀ।
ਹਾਲਾਂਕਿ, ਗਾਈਡਲਾਈਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇ ਕੋਈ ਵਿਦਿਆਰਥੀ ਢੁੱਕਵੇਂ ਕਾਰਨ ਦੱਸਣ ਤੋਂ ਬਾਅਦ ਪ੍ਰੀਖਿਆ ਦੇਣ ਤੋਂ ਅਸਮਰੱਥ ਹੈ, ਤਾਂ ਉਸਨੂੰ ਬਾਅਦ ਵਿੱਚ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦਿਸ਼ਾ ਨਿਰਦੇਸ਼ ਵਿੱਚ ਵਿਸ਼ੇਸ਼ ਜ਼ੋਰ ਅੰਤਿਮ ਸਾਲ ਦੀ ਪ੍ਰੀਖਿਆ ਨੂੰ ਲੈ ਕੇ ਸੀ। UGC ਨੇ ਇਹ ਵੀ ਕਿਹਾ ਸੀ ਕਿ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਵੀ ਪ੍ਰਮੋਟ ਕੀਤਾ ਜਾ ਸਕਦਾ ਹੈ।