ਫਰਵਰੀ 2020 ਦੌਰਾਨ ਦਿੱਲੀ ਵਿੱਚ ਹੋਏ ਦੰਗਿਆਂ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਦੰਗਿਆਂ ਨੂੰ ਪਹਿਲਾਂ ਤੋਂ ਤਿਆਰ ਯੋਜਨਾ ਤਹਿਤ ਅੰਜਾਮ ਦਿੱਤਾ ਗਿਆ ਸੀ ।
ਦੰਗੇ ਕਿਸੇ ਘਟਨਾ ਦੀ ਪ੍ਰਤੀਕਿਰਿਆ ਕਾਰਨ ਨਹੀਂ ਹੋਏ ਸਨ। ਅਦਾਲਤ ਨੇ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਇਹ ਗੱਲ ਕਹੀ ਹੈ।
ਅਦਾਲਤ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜੋ ਵੀਡੀਓ ਫੁਟੇਜ ਪੇਸ਼ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਪ੍ਰਦਰਸ਼ਨਕਾਰੀਆਂ ਦਾ ਆਚਰਣ ਸਾਫ ਦਰਸਾਉਂਦਾ ਹੈ ਕਿ ਇਹ ਸਰਕਾਰ ਦੇ ਨਾਲ-ਨਾਲ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਕੀਤਾ ਗਿਆ ਸੀ।
ਇਸ ਤੋਂ ਅੱਗੇ ਅਦਾਲਤ ਨੇ ਕਿਹਾ ਕਿ ਘਟਨਾ ਸਥਾਨ ਦੇ ਆਸ -ਪਾਸ ਦੇ ਸੀਸੀਟੀਵੀ ਕੈਮਰੇ ਯੋਜਨਾ ਤਹਿਤ ਨਸ਼ਟ ਕਰ ਦਿੱਤੇ ਗਏ । ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਦੰਗੇ ਅਚਾਨਕ ਨਹੀਂ ਭੜਕੇ ਸੀ, ਇਨ੍ਹਾਂ ਨੂੰ ਪਹਿਲਾਂ ਤੋਂ ਪਲਾਨ ਕੀਤਾ ਗਿਆ ਸੀ।
ਦਿੱਲੀ ਦੰਗਿਆਂ ਦੇ ਇੱਕ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕਿਹਾ ਕਿ ਇਲਾਕੇ ਵਿੱਚ ਸੀਸੀਟੀਵੀ ਕੈਮਰਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਤੋੜਨਾ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਦਰਸਾਉਂਦਾ ਹੈ ਕਿ ਹਰ ਚੀਜ਼ ਪਹਿਲਾਂ ਤੋਂ ਪਲਾਨ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵੀਡੀਓਜ਼ ਵਿੱਚ ਇਹ ਵੀ ਸਾਫ ਦਿਖਾਈ ਦੇ ਰਿਹਾ ਹੈ ਕਿ ਸੈਂਕੜੇ ਦੰਗਾਕਾਰੀਆਂ ਨੇ ਡੰਡਿਆਂ ਅਤੇ ਬੈਟ ਨਾਲ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕੀਤਾ।