delhi highcourt on burning petition: ਦਿੱਲੀ ਅਤੇ ਇਸਦੇ ਗੁਆਂਢੀ ਰਾਜਾਂ ਵਿੱਚ ਸਰਦੀਆਂ ਦੇ ਮੌਸਮ ਦੇ ਆਉਣ ਨਾਲ ਪ੍ਰਦੂਸ਼ਣ ਵੀ ਕਾਫ਼ੀ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਇਸ ਪ੍ਰਦੂਸ਼ਣ ਲਈ ਸਰਕਾਰਾਂ ਪਰਾਲੀ ਸਾੜਨ ਨੂੰ ਵੀ ਇੱਕ ਵੱਡਾ ਕਾਰਨ ਮੰਨਦੀਆਂ ਹਨ। ਇਸ ਦੌਰਾਨ, ਦਿੱਲੀ ਹਾਈ ਕੋਰਟ ਨੇ ਪਰਾਲੀ ਸਾੜਨ ਨਾਲ ਸਬੰਧਿਤ ਇੱਕ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸੇ ਤਰ੍ਹਾਂ ਦੇ ਮੁੱਦੇ ‘ਤੇ ਸੁਣਵਾਈ ਕਰ ਰਹੀ ਹੈ। ਨਾਲ ਹੀ, 16 ਅਕਤੂਬਰ ਨੂੰ ਇੱਕ ਕਮੇਟੀ ਵੀ ਬਣਾਈ ਗਈ ਹੈ। ਇਸ ਕੇਸ ਵਿੱਚ ਸਮਾਨਾਂਤਰ(ਇੱਕੋ ਜਿਹੀ ਸੁਣਵਾਈ) ਸੁਣਵਾਈ ਕਰਨਾ ਸਹੀ ਨਹੀਂ ਹੋਵੇਗਾ। ਇਸ ਕਾਰਨ ਦਿੱਲੀ ਹਾਈ ਕੋਰਟ ਨੇ ਪਰਾਲੀ ਸਾੜਨ ਨਾਲ ਸਬੰਧਿਤ ਪਟੀਸ਼ਨ ‘ਤੇ ਸੁਣਵਾਈ ਨਹੀਂ ਕੀਤੀ।
ਇਸ ਦੇ ਨਾਲ ਹੀ ਇਸ ਪਟੀਸ਼ਨ ਵਿੱਚ ਪਰਾਲੀ ਸਾੜਨ ‘ਤੇ ਪਾਬੰਦੀ ਦੀ ਮੰਗ ਕੀਤੀ ਗਈ ਸੀ,ਅਤੇ ਤੁਰੰਤ ਕਦਮ ਚੁੱਕਣ ਦੀ ਬੇਨਤੀ ਵੀ ਕੀਤੀ ਗਈ ਸੀ। ਪਟੀਸ਼ਨ ਵਿੱਚ ਕੋਰੋਨਾ ਵਾਇਰਸ ਦੇ ਖ਼ਤਰੇ ਦਾ ਵੀ ਜ਼ਿਕਰ ਕੀਤਾ ਗਿਆ ਸੀ। ਪਟੀਸ਼ਨ ਵਿੱਚ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਕਾਰਨ ਕੋਰੋਨਾ ਦੀ ਸਮੱਸਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਗੁਆਂਢੀ ਰਾਜਾਂ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਤੋਂ ਰੋਕ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਵੀ ਕਿਹਾ ਗਿਆ ਸੀ ਕਿ ਇਸ ਕਾਰਨ ਕੋਰੋਨਾ ਵਾਇਰਸ ਨਾਲ ਜੁੜੀਆਂ ਸਮੱਸਿਆਵਾਂ ਹੋਰ ਵੀ ਵੱਧ ਸਕਦੀਆਂ ਹਨ।