Delhi police to meet farmers: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 55 ਵਾਂ ਦਿਨ ਹੈ । ਕੜਕਦੀ ਠੰਡ ਦੇ ਬਾਵਜੂਦ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੇ ਵਿਚਾਲ ਕਿਸਾਨ 26 ਜਨਵਰੀ ਨੂੰ ਦਿੱਲੀ ਦੇ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਰੈਲੀ ਕੱਢਣ ‘ਤੇ ਅੜੇ ਹੋਏ ਹਨ । ਉੱਥੇ ਹੀ ਦਿੱਲੀ ਪੁਲਿਸ ਅੱਜ ਫਿਰ ਤੋਂ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰੇਗੀ। ਕਿਸਾਨਾਂ ਅਤੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਵਿਚਕਾਰ ਅੱਜ ਸਵੇਰੇ 9 ਵਜੇ ਇੱਕ ਮੀਟਿੰਗ ਹੋਵੇਗੀ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਟਰੈਕਟਰ ਰੈਲੀ ਲਈ ਦਿੱਲੀ ਪੁਲਿਸ ਦੀ ਪਟੀਸ਼ਨ ‘ਤੇ ਸੁਣਵਾਈ ਹੋਈ । ਇਸ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ । ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਰਕਾਰ ਨੂੰ ਫੈਸਲਾ ਲੈਣਾ ਚਾਹੀਦਾ ਹੈ। ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਕਿਹਾ ਕਿ ਇਹ ਮਾਮਲਾ ਪੁਲਿਸ ਦਾ ਹੈ, ਅਸੀਂ ਇਸ ‘ਤੇ ਕੋਈ ਫੈਸਲਾ ਨਹੀਂ ਲਵਾਂਗੇ । ਫਿਲਹਾਲ ਅਸੀਂ ਕੇਸ ਮੁਲਤਵੀ ਕਰ ਰਹੇ ਹਾਂ।
ਦਰਅਸਲ, ਨਵੇਂ ਖੇਤੀਬਾੜੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਦੀ ਕਮੇਟੀ ਦੀ ਅੱਜ ਪਹਿਲੀ ਬੈਠਕ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਪਹਿਲਾਂ ਹੀ ਕਮੇਟੀ ਤੋਂ ਵੱਖ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਕੋਲ ਜਾਣ ਤੋਂ ਵੀ ਮਨ੍ਹਾਂ ਕਰ ਦਿੱਤਾ ਹੈ। ਹੁਣ ਕਮੇਟੀ ਵਿੱਚ ਸ਼ੇਤਕਾਰੀ ਸੰਗਠਨ (ਮਹਾਰਾਸ਼ਟਰ) ਦੇ ਮੁਖੀ ਤੋਂ ਇਲਾਵਾ, ਖੇਤੀ-ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਪ੍ਰਮੋਦ ਕੁਮਾਰ ਜੋਸ਼ੀ ਕਮੇਟੀ ਦੇ ਦੋ ਹੋਰ ਮੈਂਬਰ ਹਨ।
ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ 10ਵਾਂ ਦੌਰ ਕੱਲ੍ਹ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਵਿਗਿਆਨ ਭਵਨ ਵਿਖੇ ਹੋਣੀ ਸੀ। ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਵੀ ਇਸ ਦੇ ਹੱਲ ਦੀ ਘੱਟ ਉਮੀਦ ਹੈ । ਮੀਟਿੰਗ ਤੋਂ ਪਹਿਲਾਂ ਸੋਮਵਾਰ ਨੂੰ ਗਵਾਲੀਅਰ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨ ਸੰਗਠਨਾਂ ਨਾਲ ਸਾਰੇ ਮੁੱਦਿਆਂ ‘ਤੇ ਖੁੱਲੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ।