Delhi Record Spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ। ਦਿੱਲੀ ਵਿੱਚ ਇੱਕ ਵਾਰ ਫਿਰ ਇੱਕ ਦਿਨ ਵਿੱਚ ਦੋ ਹਜ਼ਾਰ ਤੋਂ ਵੱਧ ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਦਰਅਸਲ, ਦਿੱਲੀ ਵਿੱਚ ਕੋਰੋਨਾ ਦੀ ਲਾਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ । ਇੱਥੇ ਕੋਰੋਨਾ ਵਾਇਰਸ ਲਗਾਤਾਰ ਆਪਣਾ ਕਹਿਰ ਵਿਖਾ ਰਿਹਾ ਹੈ। ਹੁਣ ਇੱਕ ਦਿਨ ਵਿੱਚ ਦਿੱਲੀ ਵਿੱਚ 2134 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 38958 ਹੋ ਗਈ ਹੈ।
ਇਸਦੇ ਨਾਲ ਹੀ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ । ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ 57 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1271 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਕੋਰੋਨਾ ਦੇ ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋ ਰਹੇ ਹਨ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1547 ਕੋਰੋਨਾ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ । ਇਹ ਹੁਣ ਤੱਕ ਦੀ ਸਭ ਤੋਂ ਵੱਡੀ ਸੰਖਿਆ ਹੈ । ਹੁਣ ਤੱਕ ਦਿੱਲੀ ਵਿੱਚ 14945 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਿਆ ਹੈ ।
ਦੱਸ ਦੇਈਏ ਕਿ ਦਿੱਲੀ ਵਿੱਚ ਹੁਣ 20 ਹਜ਼ਾਰ ਤੋਂ ਵੱਧ ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਦਿੱਲੀ ਵਿੱਚ ਹੁਣ 22742 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਵਿੱਚ 19535 ਮਰੀਜ਼ ਹਨ। ਦਿੱਲੀ ਵਿੱਚ ਹੁਣ ਤੱਕ 283239 ਲੋਕਾਂ ਦਾ ਟੈਸਟ ਕੀਤਾ ਜਾ ਚੁੱਕਿਆ ਹੈ ।