ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸੀਮਾਪੁਰੀ ਵਿੱਚ ਡੀਟੀਸੀ ਰੈੱਡ ਲਾਈਟ ਦੇ ਨੇੜੇ ਇਹ ਘਟਨਾ ਵਾਪਰੀ ਹੈ।
ਇਹ ਘਟਨਾ ਮੰਗਲਵਾਰ ਦੇਰ ਰਾਤ 2 ਵਜੇ ਦੀ ਹੈ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਦੇ ਡਿਵਾਈਡਰ ‘ਤੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ, ਜਿਨ੍ਹਾਂ ਵਿੱਚੋਂ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਹਾਲਾਂਕਿ ਹਨੇਰੇ ਦਾ ਫਾਇਦਾ ਚੁੱਕ ਕੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਪਹਿਚਾਣ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਕਰੀਮ(52), ਛੋਟੇ ਖਾਨ(25), ਸ਼ਾਹ ਆਲਮ (38) ਅਤੇ ਰਾਹੁਲ(45) ਦੀ ਮੌਤ ਹੋ ਗਈ ਹੈ, ਜਦਕਿ ਮਨੀਸ਼ (16) ਅਤੇ ਪ੍ਰਦੀਪ(30) ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸ਼ਾਮਿਲ ਟਰੱਕ ਦਾ ਪਤਾ ਲਗਾਉਣ ਲਈ ਪੁਲਿਸ ਦੀਆਂ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਈ ਧਾਰਾਵਾਂ ਸਣੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: