Delhi weather forecast: ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਕਈ ਥਾਵਾਂ ‘ਤੇ ਬੱਦਲਵਾਈ ਅਤੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਤੱਕ ਲੂ ਚੱਲਣ ਦੀ ਉਮੀਦ ਨਹੀਂ ਹੈ ਅਤੇ ਤਾਪਮਾਨ ਜ਼ਿਆਦਾ ਨਹੀਂ ਵਧੇਗਾ । ਭਾਵ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ।
ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਈ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਅਤੇ ਸ਼ਹਿਰ ਵਿੱਚ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲੀਆਂ, ਜਿਸ ਤੋਂ ਬਾਅਦ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ । ਦਿੱਲੀ ਵਿੱਚ ਐਤਵਾਰ ਸ਼ਾਮ ਤੱਕ 5.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਸੀ ।
ਇਸ ਸਬੰਧੀ ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਨੂੰ ਕੁਝ ਹੱਦ ਤਕ ਬੱਦਲਵਾਈ ਅਤੇ ਹਵਾ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਦੀ ਸੰਭਾਵਨਾ ਹੈ । ਉੱਥੇ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ । ਇੱਥੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ । IMD ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਅਨੁਸਾਰ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵੱਧ ਸਕਦਾ ਹੈ ਪਰ ਇਹ 10 ਜੂਨ ਤੱਕ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹੇਗਾ ।
ਇਸ ਤੋਂ ਅੱਗੇ ਸ੍ਰੀਵਾਸਤਵ ਨੇ ਕਿਹਾ ਕਿ ਇਸ ਤੋਂ ਬਾਅਦ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਨਾਲ, ਨਮੀ ਪੂਰਬੀ ਹਵਾ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ 12 ਅਤੇ 13 ਜੂਨ ਨੂੰ ਬਾਰਿਸ਼ ਹੋਵੇਗੀ । ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਬਿਹਾਰ, ਝਾਰਖੰਡ, ਹਰਿਆਣਾ, ਉੜੀਸਾ ਅਤੇ ਪੰਜਾਬ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ । ਕਰਨਾਟਕ, ਤਾਮਿਲਨਾਡੂ, ਗੁਜਰਾਤ, ਮਹਾਰਾਸ਼ਟਰ, ਰਾਜਸਥਾਨ, ਮੱਧ ਪ੍ਰਦੇਸ਼, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।