ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਘਰ ਵਾਪਸੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਦਰਸ਼ਨ ਵਾਲਿਆਂ ਥਾਵਾਂ ਖਾਲੀ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੋਂ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਰਵਾਨਾ ਹੋਣਗੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ 11 ਦਸੰਬਰ ਨੂੰ ਘਰ ਵਾਪਸੀ ਦੀ ਗੱਲ ਕਹੀ ਗਈ ਸੀ, ਪਰ ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ ਲੀਡਰਸ਼ਿਪ ਕੱਲ੍ਹ ਰਵਾਨਾ ਹੋਵੇਗੀ, ਪਰ ਤਿੰਨੋਂ ਬਾਰਡਰਾਂ ਤੋਂ ਕੁਝ ਕਿਸਾਨ ਅੱਜ ਰਵਾਨਾ ਹੋਣਗੇ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਨੇ ਅੰਦੋਲਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਸਹਿਮਟੀ ਬਣਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਰਸਤਾ ਤੈਅ ਹੋਇਆ । ਕਿਸਾਨ ਜਥੇਬੰਦੀਆਂ ਨੇ ਐਲਾਨ ਕਰਦਿਆਂ ਦੱਸਿਆ ਕਿ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।
ਗੌਰਤਲਬ ਹੈ ਕਿ ਕਿਸਾਨਾਂ ਦੀ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੀ ਪੁਖ਼ਤਾ ਤਿਆਰੀਆਂ ਕਰ ਲਈਆਂ ਹਨ । ਪੰਜਾਬ ਨੂੰ ਜਾਣ ਵਾਲੇ ਰਾਸ਼ਟਰੀ ਮਾਰਗਾਂ ‘ਤੇ ਵਿਸ਼ੇਸ਼ ਤੌਰ ‘ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਹਾਈਵੇ ‘ਤੇ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਕਿਸਾਨਾਂ ਦੇ ਕਾਫ਼ਲੇ ਦੇ ਨਾਲ ਇੱਕ ਐਂਬੂਲੈਂਸ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: