Deputy cm dushyant chautala requests : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 143 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਮੰਗਾਂ ਪੂਰੀਆਂ ਹੋਣ ਤੱਕ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਵੀ ਅੰਦੋਲਨ ਨੂੰ ਜਾਰੀ ਰੱਖਣ ਦੇ ਮੂਡ ਵਿੱਚ ਹਨ। ਇਸ ਦੌਰਾਨ ਹੁਣ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਚੌਟਾਲਾ ਕਿਸਾਨੀ ਅੰਦੋਲਨ ਦੇ ਲੰਮਾ ਚੱਲਣ ਕਾਰਨ ਚਿੰਤਤ ਹਨ। ਚੌਟਾਲਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਦੇ ਲਈ 3-4 ਸੀਨੀਅਰ ਮੰਤਰੀਆਂ ਦੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਜੋ ਕਿ ਕਿਸਾਨ ਨੇਤਾਵਾਂ ਨਾਲ ਦੁਬਾਰਾ ਗੱਲਬਾਤ ਸ਼ੁਰੂ ਕਰੇ।
ਦੁਸ਼ਯੰਤ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਦਾ ਲੰਮਾ ਸਮਾਂ ਚੱਲਣਾ ਚਿੰਤਾ ਦਾ ਵਿਸ਼ਾ ਹੈ। ਦਿੱਲੀ ਬਾਰਡਰ ‘ਤੇ ਬੈਠਾ ਕਿਸਾਨ ਸਾਡਾ ਅੰਨਦਾਤਾ ਹੈ। ਹਰ ਸਮੱਸਿਆ ਦਾ ਹੱਲ ਗੱਲਬਾਤ ਨਾਲ ਸੰਭਵ ਹੈ। ਕਿਸਾਨਾਂ ਦੀਆਂ ਮੰਗਾਂ ਦਾ ਸੁਖਾਵਾਂ ਹੱਲ ਹੋਣਾ ਚਾਹੀਦਾ ਹੈ। ਡਿਪਟੀ ਸੀਐਮ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਵਿੱਚ ਕਣਕ ਦੀ ਖਰੀਦ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਸਨੇ ਦੱਸਿਆ ਹੈ ਕਿ ਹਰਿਆਣਾ ਵਿੱਚ ਐਮ ਐਸ ਪੀ ‘ਤੇ 6 ਹਾੜ੍ਹੀ ਦੀਆਂ ਫਸਲਾਂ ਖਰੀਦੀਆਂ ਜਾ ਰਹੀਆਂ ਹਨ। ਦੁਸ਼ਯੰਤ ਤੋਂ ਪਹਿਲਾਂ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੋਰੋਨਾ ਦੇ ਮੱਦੇਨਜ਼ਰ ਅੰਦੋਲਨਕਾਰੀ ਕਿਸਾਨਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇ।