EC bans all victory processions: ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਵਿਚਾਲੇ ਚੋਣ ਕਮਿਸ਼ਨ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ । ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 2 ਮਈ ਨੂੰ ਕੀਤਾ ਜਾਵੇਗਾ। ਅਜਿਹੇ ਵਿੱਚ ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਕਿਸੇ ਵੀ ਜਿੱਤ ਜਲੂਸ ਜਾਂ ਜਸ਼ਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ । ਕੋਰੋਨਾ ਦੇ ਵੱਧ ਰਹੇ ਸੰਕਟ ਦੇ ਵਿਚਕਾਰ ਚੋਣ ਕਮਿਸ਼ਨ ਵੱਲੋਂ ਇਹ ਸਖਤ ਫੈਸਲਾ ਲਿਆ ਗਿਆ ਹੈ । ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰ ਸਿਰਫ ਦੋ ਵਿਅਕਤੀਆਂ ਨਾਲ ਹੀ ਆਪਣੀ ਜਿੱਤ ਦਾ ਸਰਟੀਫਿਕੇਟ ਲੈਣ ਜਾ ਸਕਦਾ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਹੋਰ ਪਾਬੰਦੀਆਂ ਵੀ ਲਗਾ ਸਕਦਾ ਹੈ, ਜਲਦੀ ਹੀ ਸੰਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਦੱਸ ਦੇਈਏ ਕਿ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਚੋਣ ਨਤੀਜੇ 2 ਮਈ ਨੂੰ ਐਲਾਨੇ ਜਾਣੇ ਹਨ । ਚਾਰ ਰਾਜਾਂ ਵਿੱਚ ਚੋਣਾਂ ਖਤਮ ਹੋ ਗਈਆਂ ਹਨ, ਜਦੋਂਕਿ ਬੰਗਾਲ ਵਿੱਚ ਵੋਟਿੰਗ ਦਾ ਇੱਕ ਪੜਾਅ ਬਾਕੀ ਹੈ । ਅਜਿਹੀ ਸਥਿਤੀ ਵਿੱਚ ਚੋਣ ਕਮਿਸ਼ਨ ਵੱਲੋਂ ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ । ਕੋਰੋਨਾ ਦਾ ਸੰਕਟ ਪਿਛਲੇ ਦਿਨਾਂ ਵਿੱਚ ਤੇਜ਼ੀ ਨਾਲ ਵਧਿਆ ਹੈ। ਅਜਿਹੀ ਸਥਿਤੀ ਵਿੱਚ ਚੋਣ ਰੈਲੀਆਂ ਵਿੱਚ ਭੀੜ ‘ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ । ਬੰਗਾਲ ਵਿੱਚ ਵੋਟਿੰਗ ਦੇ ਸੱਤਵੇਂ ਪੜਾਅ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡੀਆਂ ਰੈਲੀਆਂ, ਰੋਡ ਸ਼ੋਅ ਅਤੇ ਪੈਦਲ ਯਾਤਰਾ ‘ਤੇ ਰੋਕ ਲਗਾ ਦਿੱਤੀ ਸੀ, ਰਾਜਨੀਤਿਕ ਪਾਰਟੀਆਂ ਨੂੰ ਵਰਚੁਅਲ ਮੀਟਿੰਗਾਂ ਕਰਨ ਦੀ ਅਪੀਲ ਕੀਤੀ ਸੀ।
ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਸੰਕਟ ਵਿਚਾਲੇ ਬੀਤੇ ਦਿਨ ਹੀ ਮਦਰਾਸ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ । ਮਦਰਾਸ ਹਾਈ ਕੋਰਟ ਨੇ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਪੂਰੀ ਤਰ੍ਹਾਂ ਚੋਣ ਕਮਿਸ਼ਨ ਜ਼ਿੰਮੇਵਾਰ ਹੈ। ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਚੋਣ ਮੀਟਿੰਗ ‘ਤੇ ਪਾਬੰਦੀ ਨਹੀਂ ਲਗਾਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਇੱਕ ਜਗ੍ਹਾ’ ਤੇ ਇਕੱਠੇ ਹੁੰਦੇ ਰਹੇ ।