EC says remove PM photo: ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਨੂੰ ਲੈ ਕੇ ਸਖਤੀ ਵਧਾ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਉਨ੍ਹਾਂ ਰਾਜਾਂ ਵਿੱਚੋਂ ਕੋਰੋਨਾ ਵੈਕਸੀਨ ਦੇ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾਉਣ ਦੇ ਆਦੇਸ਼ ਦਿੱਤੇ ਹਨ, ਜਿੱਥੇ ਅਗਲੇ ਕੁਝ ਹਫ਼ਤਿਆਂ ਵਿੱਚ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਵੱਲੋਂ ਕੇਰਲਾ, ਪੁਡੂਚੇਰੀ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਅਸਾਮ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਰਾਜਾਂ ਵਿੱਚ 27 ਮੈਚ ਤੋਂ 29 ਅਪ੍ਰੈਲ ਤੱਕ ਚੋਣਾਂ ਹੋਣੀਆਂ ਹਨ।
ਦਰਅਸਲ, ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਜਿਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੈ, ਉੱਥੇ ਹੀ ਕੋਵਿਡ ਟੀਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਦੱਸ ਦਈਏ ਕਿ ਤ੍ਰਿਣਮੂਲ ਕਾਂਗਰਸ ਨੇ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਪੱਤਰ ਲਿਖ ਕੇ ਚੋਣ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸਿਹਤ ਮੰਤਰਾਲੇ ਨੂੰ ਭੇਜੇ ਇੱਕ ਪੱਤਰ ਵਿੱਚ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਦੇ ਕੁਝ ਪ੍ਰਬੰਧਾਂ ਦਾ ਹਵਾਲਾ ਦਿੱਤਾ ਹੈ, ਜੋ ਸਰਕਾਰੀ ਖਰਚਿਆਂ ਉੱਤੇ ਇਸ਼ਤਿਹਾਰਬਾਜ਼ੀ ਉੱਤੇ ਪਾਬੰਦੀ ਲਗਾਉਂਦੇ ਹਨ । ਚੋਣ ਕਮਿਸ਼ਨ ਅਤੇ ਮੰਤਰਾਲੇ ਵਿਚਾਲੇ ਹੋਈ ਗੱਲਬਾਤ ਬਾਰੇ ਜਾਗਰੁਕ ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕਿਸੇ ਵਿਅਕਤੀ ਜਾਂ ਸ਼ਖਸੀਅਤ ਦਾ ਹਵਾਲਾ ਨਹੀਂ ਦਿੱਤਾ ਹੈ, ਬਲਕਿ ਸਿਹਤ ਮੰਤਰਾਲੇ ਨੂੰ ਪੱਤਰ ਅਤੇ ਭਾਵਨਾ ਅਨੁਸਾਰ ਚੋਣ ਜ਼ਾਬਤਾ ਦੀਆਂ ਧਾਰਾਵਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ ਸੱਤਾਧਾਰੀ TMC ਨੇ ਚੋਣ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਪੱਛਮੀ ਬੰਗਾਲ ਅਤੇ ਹੋਰ ਚੋਣਵੇਂ ਰਾਜਾਂ ਵਿੱਚ ਕੋ-ਵਿਨ ਪਲੇਟਫਾਰਮ ਰਾਹੀਂ ਪ੍ਰਾਪਤ ਕੀਤੇ ਜਾਣ ਵਾਲੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹੋਣਾ ਚੋਣ ਜਾਬਤੇ ਦੀ ਉਲੰਘਣਾ ਹੈ। ਪਾਰਟੀ ਨੇ ਫੋਟੋ ਨੂੰ ਪ੍ਰਧਾਨ ਮੰਤਰੀ ਵੱਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ ।
ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”