Election commission sushil chandra : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਇਸ ਦੌਰਾਨ ਹੁਣ ਨਵੇਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੀ ਇਸ ਦੀ ਚਪੇਟ ਵਿੱਚ ਆ ਗਏ ਹਨ। ਦੋਵੇਂ ਕੋਰੋਨਾ ਪੌਜੇਟਿਵ ਪਾਏ ਗਏ ਹਨ। ਚੋਣ ਕਮਿਸ਼ਨ ਦੇ ਚੋਟੀ ਦੇ ਦੋ ਅਧਿਕਾਰੀਆਂ ਦੇ ਕੋਰੋਨਾ ਸਕਾਰਾਤਮਕ ਆਉਣ ‘ਤੇ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਸੁਨੀਲ ਅਰੋੜਾ ਦੇ ਜਾਣ ਤੋਂ ਬਾਅਦ ਸੁਸ਼ੀਲ ਚੰਦਰਾ ਨੂੰ ਮੁੱਖ ਚੋਣ ਕਮਿਸ਼ਨਰ ਬਣਾਇਆ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ, ਸਿਹਤ ਮੰਤਰਾਲੇ ਦੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 2,59,170 ਨਵੇਂ ਕੇਸ ਆਉਣ ਤੋਂ ਬਾਅਦ ਪੀੜਤਾਂ ਦੀ ਸੰਖਿਆ 1,53,21,089 ਹੋ ਗਈ ਹੈ, ਇਸ ਦੇ ਨਾਲ ਹੀ ਇਸ ਸਮੇਂ ਵਿੱਚ ਸਭ ਤੋਂ ਵੱਧ ਮੌਤਾਂ ਦੀ ਗਿਣਤੀ 1761 ਹੋ ਗਈ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,80,530 ਹੋ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 20 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ।