ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ । ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ।
ਹਾਲਾਂਕਿ ਜ਼ਿਆਦਾਤਰ ਨਜ਼ਰਾਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਹਨ ਕਿਉਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਪਹਿਲੀ ਵਾਰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਤਿੰਨ ਤੋਂ ਚਾਰ ਪੜਾਵਾਂ ਵਿੱਚ ਵੋਟਿੰਗ ਹੋ ਸਕਦੀ ਹੈ। ਸਤੰਬਰ ਵਿਚ ਵੋਟਿੰਗ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਚੋਣ ਨਤੀਜੇ ਐਲਾਨੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਚੋਣ ਕਮਿਸ਼ਨ ਦੀ ਟੀਮ ਨੇ 8 ਤੋਂ 10 ਅਗਸਤ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਉਹ ਹਰਿਆਣਾ ਗਈ ਸੀ । ਟੀਮ ਨੇ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵਿਧਾਨ ਸਭਾਵਾਂ ਦੀ ਗੱਲ ਕੀਤੀ ਗਈ ਹੈ। ਅਜਿਹੇ ਵਿੱਚ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਚੋਣਾਂ ਦੀ ਤਾਰੀਕ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ 11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਕੋਰਟ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਫੈਸਲੇ ਦਾ ਹਿੱਸਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜ ਜਿੰਨਾ ਜਲਦੀ ਹੋ ਸਕੇ ਦਿੱਤਾ ਜਾਵੇ ਤੇ ਉੱਥੇ ਚੋਣਾਂ ਕਰਵਾਈਆਂ ਜਾਣ।
ਵੀਡੀਓ ਲਈ ਕਲਿੱਕ ਕਰੋ -: