Farm laws shivsena attacks modi govt : ਮੁੰਬਈ- ਸ਼ਿਵ ਸੈਨਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਹੋ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀ ਹੈ। ਭਾਜਪਾ ਦੀ ਸਾਬਕਾ ਸਹਿਯੋਗੀ ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ‘ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦੇ ਨੂੰ ਸੁਲਝਾਉਣਾ ਨਹੀਂ ਚਾਹੁੰਦੀ ਅਤੇ ਉਨ੍ਹਾਂ ਨਾਲ ਬੈਠਕ-ਬੈਠਕ ਖੇਡ ਰਹੀ ਹੈ।’ ਸ਼ਿਵ ਸੈਨਾ ਨੇ ਆਪਣੇ ਮੁਖ ਪੱਤਰ ਸਾਮਨਾ ਦੇ ਜ਼ਰੀਏ ਕਿਹਾ ਕਿ ਹੁਣ ਤੱਕ ਦਿੱਲੀ ਦੀ ਠੰਡ ਵਿੱਚ 50 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਫਿਰ ਵੀ ਉਹ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਕਰਾਏ ਬਿਨਾਂ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਸੰਪਾਦਕੀ ਵਿੱਚ, ਪਾਰਟੀ ਨੇ ਕਿਹਾ, “ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦਰਮਿਆਨ ਅੱਠ-ਪੜਾਅ ਦੀ ਗੱਲਬਾਤ ਦੇ ਬਾਵਜੂਦ ਕੋਈ ਨਤੀਜਾ ਨਹੀਂ ਮਿਲਿਆ। ਸਰਕਾਰ ਨੂੰ ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ। ਸਰਕਾਰ ਰਾਜਨੀਤੀ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਅੰਦੋਲਨ ਜਾਰੀ ਰੱਖਣਾ ਪੈ ਰਿਹਾ ਹੈ।”
ਪਾਰਟੀ ਨੇ ਕਿਹਾ, ‘ਦਿੱਲੀ ਵਿੱਚ ਕੜਾਕੇ ਦੀ ਠੰਡ ਹੈ। ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਾਣੀ ਕਿਸਾਨਾਂ ਦੇ ਟੈਂਟਾਂ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੇ ਕੱਪੜੇ ਅਤੇ ਬਿਸਤਰੇ ਭਿੱਜੇ ਹੋਏ ਹਨ, ਪਰ ਕਿਸਾਨ ਵਾਪਿਸ ਆਉਣ ਲਈ ਤਿਆਰ ਨਹੀਂ ਹਨ। ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਪਾਰਟੀ ਨੇ ਕਿਹਾ ਕਿ ਸਰਕਾਰ ਦੀ ਨਜ਼ਰ ਵਿੱਚ, ਕਿਸਾਨਾਂ ਦੀਆਂ ਕੁਰਬਾਨੀਆਂ ਦਾ ਕੋਈ ਮੁੱਲ ਨਹੀਂ ਹੈ। ਸੰਪਾਦਕੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਸਲੇ ਦੇ ਹੱਲ ਲਈ ਦਖਲ ਦੇਣਾ ਚਾਹੀਦਾ ਸੀ। ਪਾਰਟੀ ਨੇ ਕਿਹਾ, “ਜੇਕਰ ਸਰਕਾਰ ਦੀ ਕੋਈ ਆਤਮਾ ਹੁੰਦੀ, ਤਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈ ਲਿਆ ਜਾਂਦਾ ਅਤੇ ਕਿਸਾਨਾਂ ਦੀ ਜ਼ਿੰਦਗੀਆਂ ਨਾਲ ਹੋ ਰਿਹਾ ਇਹ ਖਿਲਵਾੜ ਤੁਰੰਤ ਬੰਦ ਹੋ ਜਾਂਦਾ।”