Farmer Died At Kundli Border: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ।
ਪਰ ਇਸ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੀ ਇੱਕ ਵੱਡੀ ਅਤੇ ਬੁਰੀ ਖਬਰ ਆ ਰਹੀ ਹੈ। ਜਿੱਥੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਇੱਕ ਹੋਰ ਕਿਸਾਨ ਦੀ ਐਤਵਾਰ ਨੂੰ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਬੀਰ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸੋਨੀਪਤ ਦੇ ਗੋਹਾਨਾ ਦੇ ਪਿੰਡ ਗੰਗਾਨਾ ਦਾ ਵਸਨੀਕ ਸੀ। ਕਿਸਾਨ ਕੁਲਬੀਰ ਦੀ ਕੁੰਡਲੀ ਬਾਰਡਰ ‘ਤੇ ਪਾਰਕਰ ਮਾਲ ਦੇ ਨਜ਼ਦੀਕ ਮੌਤ ਹੋਈ ਹੈ । ਹਾਲਾਂਕਿ, ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ । ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਕੁੰਡਲੀ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਠੰਡ ਵਿਚਾਲੇ ਅਚਾਨਕ ਦੋ ਕਿਸਾਨਾਂ ਦੀ ਹਾਲਤ ਵਿਗੜ ਗਈ। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਦੌਲਤ ਦੇ ਨਿਵਾਸੀ ਸਹਿੰਦਰ ਦੀ ਸ਼ਨੀਵਾਰ ਸਵੇਰੇ ਅਚਾਨਕ ਦੌਰਾ ਪੈਣ ਕਾਰਨ ਹਾਲਤ ਵਿਗੜ ਗਈ । ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਹੀ ਪੰਜਾਬ ਦੇ ਰਹਿਣ ਵਾਲੇ ਸੱਜਣ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸਨੂੰ ਵੀ ਤੁਰੰਤ ਹਸਪਤਾਲ ਲਿਜਾਇਆ ਗਿਆ ।
ਇਹ ਵੀ ਦੇਖੋ: 10 ਸਾਲ ਦਾ ਇਹ ਸਿੱਖ ਬੱਚਾ ਜੁਗਾੜ ਨਾਲ ਗੱਡੀ ਬਣਾ ਦਾਦੀ ਨੂੰ ਲੈ ਕੇ ਚੱਲਿਆ ਕਿਸਾਨੀ ਅੰਦੋਲਨ ‘ਚ