Farmer government talks today : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਹੈ, ਜਿਸ ਵਿੱਚ 40 ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਸ ਦੇ ਨਾਲ ਹੀ ਗੱਲਬਾਤ ਦੇ ਵਿਚਕਾਰ ਦੁਪਹਿਰ ਦੇ ਖਾਣੇ ਦੌਰਾਨ ਕਿਸਾਨਾਂ ਲਈ ਆਇਆ ਲੰਗਰ ਮੰਤਰੀਆਂ ਨੇ ਵੀ ਛੱਕਿਆ। ਇਸ ਤੋਂ ਪਹਿਲਾਂ ਵਿਗਿਆਨ ਭਵਨ ਵਿੱਚ ਅਜਿਹਾ ਨਜ਼ਾਰਾ ਨਹੀਂ ਦੇਖਿਆ ਗਿਆ ਸੀ।
ਕਿਸਾਨ ਅਤੇ ਸਰਕਾਰ ਵਿਚਾਲੇ ਗੱਲਬਾਤ ਜਾਰੀ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਕਿਹਾ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਿਤ ਮੰਗਾਂ ਅਤੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਇੱਕ ਕਮੇਟੀ ਬਣਾਈ ਜਾ ਸਕਦੀ ਹੈ। ਸਰਕਾਰ ਨੇ ਕਾਨੂੰਨਾਂ ਨਾਲ ਸਬੰਧਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਨੂੰਨ ਬਣਾਉਣ ਅਤੇ ਵਾਪਿਸ ਲੈਣ ਦੀ ਇੱਕ ਲੰਬੀ ਪ੍ਰਕਿਰਿਆ ਹੈ। ਇਸ ਮੌਕੇ ਸਰਕਾਰ ਨੇ ਅੰਦੋਲਨ ਖਤਮ ਕਰਨ ਦੀ ਅਪੀਲ ਵੀ ਕੀਤੀ ਹੈ, ਪਰ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਜਦੋ ਤੱਕ ਕਾਨੂੰਨ ਰੱਦ ਨਹੀਂ ਕਰੇਗੀ ਅੰਦੋਲਨ ਖਤਮ ਨਹੀਂ ਹੋਵੇਗਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਤਿੰਨ ਘੰਟੇ ਤੋਂ ਗੱਲਬਾਤ ਦਾ ਦੌਰ ਜਾਰੀ ਹੈ। ਸੂਤਰਾਂ ਅਨੁਸਾਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਨਹੀਂ ਲਵੇਗੀ। ਅਜਿਹੀ ਸਥਿਤੀ ਵਿੱਚ ਇਹ ਬੈਠਕ ਵੀ ਬੇਸਿੱਟਾ ਰਹਿ ਸਕਦੀ ਹੈ।
ਇਹ ਵੀ ਦੇਖੋ : ਮੀਟਿੰਗ ਦੇ ਲੰਚ ਟਾਈਮ ਕੇਂਦਰੀ ਮੰਤਰੀਆਂ ਨੇ ਵੀ ਪੰਗਤ ‘ਚ ਬੈਠ ਕੇ ਛਕਿਆ ਕਿਸਾਨਾਂ ਦਾ ਲੰਗਰ