Farmer Leaders to Hold: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਭਾਰਤ ਬੰਦ ਅਤੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਯਾਨੀ ਕਿ ਅੱਜ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ । ਦਰਅਸਲ, ਐਤਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨਾਂ ਦੀ ਮੁਹਿੰਮ ਦੀ ਝਲਕ ਵੀ ਦੇਖਣ ਨੂੰ ਮਿਲੀ । ਜਦੋਂ ਰਾਜਸਥਾਨ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਹਰਿਆਣਾ ਦੀ ਸਰਹੱਦ ‘ਤੇ ਰੋਕਿਆ ਗਿਆ, ਤਾਂ ਕਿਸਾਨ ਉੱਥੇ ਹੀ ਧਰਨੇ ‘ਤੇ ਬੈਠ ਗਏ ।
ਹਾਲਾਂਕਿ, ਐਤਵਾਰ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਨੇਤਾਵਾਂ ਨੇ ਦੱਸਿਆ ਕਿ ਅੰਦੋਲਨ ਦੀ ਅੱਗੇ ਦੀ ਰੂਪਰੇਖਾ ਬਾਰੇ ਉਨ੍ਹਾਂ ਵਿੱਚ ਵਿਚਾਰ ਵਟਾਂਦਰੇ ਹੋਏ ਹਨ। ਕਿਸਾਨ ਨੇਤਾਵਾਂ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਕਿਸਾਨ ਸਿੰਘੂ, ਟਿਕਰੀ, ਪਲਵਲ, ਗਾਜੀਪੁਰ ਸਮੇਤ ਸਾਰੇ ਨਾਕਿਆਂ ‘ਤੇ ਵਰਤ ਰੱਖਣਗੇ । ਕਿਸਾਨ ਆਗੂ ਗੁਰਨਾਮ ਸਿੰਘ ਚਿਡੋਨੀ ਨੇ ਦੱਸਿਆ ਕਿ ਕਿਸਾਨ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਇਕ ਦਿਨ ਭਰ ਭੁੱਖ ਹੜਤਾਲ ਕਰਨਗੇ । ਇਹ ਧਰਨਾ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਵੀ ਲਾਇਆ ਜਾਵੇਗਾ।
ਇਸ ਤੋਂ ਇਲਾਵਾ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਕਿਸਾਨਾਂ ਦਾ ਰਵੱਈਆ ਸਪੱਸ਼ਟ ਹੈ। ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ। ਸਾਰੇ ਕਿਸਾਨ ਆਗੂ ਇਕੱਠੇ ਹਨ । ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀਆਂ ਚਾਰ ਮੰਗਾਂ ਹਨ । ਪਹਿਲਾਂ, ਸਾਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਦੂਜਾ ਘੱਟੋ ਘੱਟ ਸਮਰਥਨ ਮੁੱਲ (MSP) ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਤੀਜਾ ਪ੍ਰਸਤਾਵਿਤ ਬਿਜਲੀ ਬਿੱਲ ਰੱਦ ਕੀਤਾ ਜਾਵੇ ਅਤੇ ਚੌਥਾ ਪਰਾਲੀ ਸਾੜਨ ਲਈ ਕਿਸਾਨਾਂ ਵਦਾ ਸ਼ੋਸ਼ਣ ਬੰਦ ਹੋਵੇ ।
ਦੱਸ ਦੇਈਏ ਕਿ ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ ਵੀ ਕੀਤੇ ਜਾ ਰਹੇ ਹਨ । ਇੰਟੈਲੀਜੈਂਸ ਇਨਪੁਟਸ ਦੇ ਅਨੁਸਾਰ, ਟਿਕਰੀ ਅਤੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਗਿਣਤੀ ਵੱਧ ਰਹੀ ਹੈ। ਜਿਸਦੇ ਮੱਦੇਨਜ਼ਰ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ । ਇਸ ਤੋਂ ਇਲਾਵਾ ਟਿਕਰੀ ਬਾਰਡਰ ‘ਤੇ ਫਰੰਟ ਲਾਈਨ ਡਿਊਟੀ ‘ਤੇ RAF, ITBP ਤੇ CRPF ਦੀ ਟੁਕੜੀ ਲਗਾਈ ਗਈ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।