Farmer Protest Hanan Mulla : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ।
ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਹੋਣ ਜਾ ਰਹੀ ਹੈ। ਕਿਸਾਨ ਆਗੂ ਵੀ ਗੱਲਬਾਤ ਲਈ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ। ਇਹ ਗੱਲਬਾਤ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਅੱਜ ਸਰਕਾਰ ਨਾਲ ਗੱਲਬਾਤ ਬਾਰੇ, ਕਿਸਾਨ ਆਗੂ ਹਨਨ ਮੁੱਲਾ ਦਾ ਕਹਿਣਾ ਹੈ ਕਿ ਹੁਣ ਇਹ ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਕੁੱਝ ਮਨੁੱਖੀ ਪਹੁੰਚ ਕਰੇਗੀ ਅਤੇ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨਾਲ ਗੱਲਬਾਤ ਬਾਰੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਜ ਕੁੱਝ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਬੈਠਕ ਵਿੱਚ ਹਰ ਵਿਸ਼ੇ ‘ਤੇ ਮੰਥਨ ਹੋਵੇਗਾ।