Farmer Unions Likely To Decide: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਪੱਤਰ ਭੇਜਿਆ ਗਿਆ ਹੈ।
ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁਝ ਵੀ ਨਵਾਂ ਨਹੀਂ ਹੈ । ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਅਗਲੇ ਕਦਮ ਲਈ ਮੰਗਲਵਾਰ ਯਾਨੀ ਕਿ ਅੱਜ ਬੈਠਕ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨ ਵਿੱਚ ਸੋਧ ਕਰਨ ਦੀ ਪੂਰਵ ਪ੍ਰਸਤਾਵ ਬਾਰੇ ਆਪਣੀ ਖਦਸ਼ਾ ਬਾਰੇ ਦੱਸ ਦਿੱਤਾ ਜਾਵੇ ਅਤੇ ਗੱਲਬਾਤ ਦੇ ਅਗਲੇ ਪੜਾਅ ਲਈ ਇੱਕ ਢੁੱਕਵੀਂ ਤਰੀਕ ਤੈਅ ਕੀਤੀ ਜਾਵੇ ਤਾਂ ਕਿ ਜਲਦ ਹੀ ਅੰਦੋਲਨ ਖਤਮ ਹੋ ਸਕੇ।
ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਦੌਰ ਦੀ ਗੱਲਬਾਤ ਤੋਂ ਬਾਅਦ 9 ਦਸੰਬਰ ਨੂੰ ਗੱਲਬਾਤ ਮੁਲਤਵੀ ਕਰ ਦਿੱਤੀ ਗਈ ਸੀ ਕਿਉਂਕਿ ਕਿਸਾਨ ਯੂਨੀਅਨਾਂ ਨੇ ਕਾਨੂੰਨਾਂ ਵਿੱਚ ਸੋਧ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਜਾਰੀ ਰੱਖਣ ਲਈ ਲਿਖਤੀ ਭਰੋਸਾ ਦੇਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।