Farmers and govt talks launch brake : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਜਾਰੀ ਹੈ।
ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਗੱਲਬਾਤ ਫਿਲਹਾਲ ਦੁਪਹਿਰ ਦੇ ਖਾਣੇ ਦੀ ਬਰੇਕ ਲਈ ਰੋਕੀ ਗਈ ਹੈ। ਅਜੇ ਤੱਕ, ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੇ ਏਜੰਡੇ ‘ਤੇ ਕੋਈ ਪ੍ਰਗਤੀ ਨਹੀਂ ਹੋ ਸਕੀ ਹੈ। ਕਿਸਾਨਾਂ ਦੇ ਲਈ DSGMC ਵਲੋਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਲੰਗਰ ਲਿਆਂਦਾ ਗਿਆ ਹੈ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਵੀ ਮੌਕੇ ‘ਤੇ ਮੌਜੂਦ ਸਨ, ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ਸਬੰਧੀ ਹਰਿਆਣਾ ਸਰਕਾਰ ਦੀ ਨਿੰਦਾ ਵੀ ਕੀਤੀ ਹੈ। ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦੀ ਬੈਠਕ ਜਾਰੀ ਹੋਇਆ ਅੱਧੇ ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਇਹ ਮੁਲਾਕਾਤ ਢਾਈ ਵਜੇ ਸ਼ੁਰੂ ਹੋਈ ਸੀ। ਮੀਟਿੰਗ ਦੀ ਸ਼ੁਰੂਆਤ ਵਿੱਚ ਮੰਤਰੀਆਂ ਅਤੇ ਕਿਸਾਨਾਂ ਨੇ ਉਨ੍ਹਾਂ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਰੱਖਿਆ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਕਿਸਾਨੀ ਅੰਦੋਲਨ ਦੌਰਾਨ ਗਵਾਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ 40 ਕਿਸਾਨ ਸੰਗਠਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਜਾਰੀ ਹੈ।