Farmers break police barricades: ਪੰਜਾਬ ‘ਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ। ਜਿੱਥੇ ਪੰਜਾਬ ਦੇ ਕਿਸਾਨ ਹੁਣ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਲਈ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਉੱਥੇ ਹੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਵਿਸ਼ੇਸ਼ ਤਿਆਰੀ ਕੀਤੀ ਹੈ।
ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਸਵੇਰ ਤੋਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਦਿੱਤੇ ਹਨ। ਅੱਜ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।
ਇਸ ਦੌਰਾਨ ਪੰਜਾਬ ਦੇ ਕੁੱਝ ਕਿਸਾਨ ਅੰਬਾਲਾ ਅਤੇ ਹਰਿਆਣਾ ਬਾਰਡਰ ‘ਤੇ ਪਹੁੰਚ ਗਏ ਹਨ। ਜਿੱਥੇ ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਬੈਰੀਕੇਡਾਂ ਨੂੰ ਤੋੜ ਦਿੱਤਾ ਹੈ ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪੁਲਿਸ ਨਾਲ ਭਿੜਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ। ਹਰਿਆਣਾ ਦੇ ਜੀਂਦ ‘ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ ‘ਤੇ ਕਿਸਾਨਾਂ ਨੂੰ ਹਰਿਆਣਾ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਪੂਰੀ ਤਰਾਂ ਤਿਆਰ ਹਨ।
ਇਸ ਦੇ ਨਾਲ ਹੀ ਕਿਸਾਨ ਭਲਕੇ ਸਵੇਰੇ ਵੀ ਦਿੱਲੀ ਵੱਲ ਕੂਚ ਕਰਨਗੇ। ਦਿੱਲੀ ਤੋਂ ਹਰਿਆਣਾ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਲਈ ਰਾਸ਼ਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਪਹਿਲਾਂ ਹੀ ਭਾਜਪਾ ਸ਼ਾਸਿਤ ਸੂਬਿਆਂ ਵਿੱਚੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਕਿਸਾਨ ਯੂਨੀਅਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਉਨ੍ਹਾਂ ਨੂੰ ਜਿੱਥੇ ਵੀ ਰੋਕਿਆ ਗਿਆ ਉਹ ਅਣਮਿੱਥੇ ਸਮੇਂ ਲਈ ਉਸੇ ਥਾਂ ‘ਤੇ ਧਰਨੇ ਲਾਉਣ ਲਈ ਤਿਆਰ ਹਨ।
ਇਹ ਵੀ ਦੇਖੋ : ਹਰਿਆਣਾ ਪੁਲਿਸ ਨਾਲ ਕਿਸਾਨਾਂ ਦੀ ਝੜੱਪ, ਚੁੱਕ-ਚੁੱਕ ਮਾਰੇ ਬੈਰੀਕੇਡ, ਦੇਖੋ ਮੋਕੇ ਦੀਆਂ Live ਤਸਵੀਰਾਂ