Farmers chakka jam : ਕਿਸਾਨ ਅੱਜ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ਵਿਆਪੀ ‘ਚੱਕਾ ਜਾਮ’ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਹੋ ਰਹੇ ਇਸ ਚੱਕਾ ਜਾਮ ‘ਤੇ ਆਪਣਾ ਸਮਰਥਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਨਾਲ-ਨਾਲ ਸਿਆਸਤ ਵੀ ਲਗਾਤਾਰ ਜਾਰੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ “ਕਿਸਾਨਾਂ ਦਾ ਸ਼ਾਂਤਮਈ ਸੱਤਿਆਗ੍ਰਹਿ ਦੇਸ਼ ਦੇ ਹਿੱਤ ਵਿੱਚ ਹੈ। ਇਹ ਤਿੰਨ ਕਾਨੂੰਨ ਸਿਰਫ ਕਿਸਾਨ- ਮਜ਼ਦੂਰਾਂ ਲਈ ਹੀ ਨਹੀਂ, ਬਲਕਿ ਜਨਤਾ ਅਤੇ ਦੇਸ਼ ਦੇ ਲਈ ਵੀ ਘਾਤਕ ਹਨ।”
ਇਸ ਤੋਂ ਪਹਿਲਾ ਅੱਜ ਪੈਟ੍ਰੋਲ-ਡੀਜਲ ਅਤੇ ਗੈਸ ਦੀਆ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਟਵੀਟ ਕਰ ਸਰਕਾਰ ‘ਤੇ ਹਮਲਾ ਬੋਲਿਆ ਸੀ। ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਅਤੇ ਘਰ ਦੋਵਾਂ ਦਾ ਬਜਟ ਵਿਗਾੜ ਦਿੱਤਾ ਹੈ। ਇਸ ਤੋਂ ਪਹਿਲਾ ਵੀ ਰਾਹੁਲ ਗਾਂਧੀ ਕਈ ਬਾਰ ਟਵੀਟ ਕਰਕੇ ਮੋਦੀ ਸਰਕਾਰ ‘ਤੇ ਹਮਲਾ ਕਰਦੇ ਹੋਏ ਨਜ਼ਰ ਆਏ ਹਨ। ਕਿਸਾਨ ਅੰਦੋਲਨ ‘ਤੇ ਵੀ ਰਾਹੁਲ ਨੇ ਕਾਫੀ ਟਵੀਟ ਕੀਤੇ ਹਨ।