Farmers nationwide rail roko program: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 85ਵਾਂ ਦਿਨ ਹੈ। ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਅੱਜ ਕਿਸਾਨ ਇੱਕ ਵਾਰ ਫਿਰ ਸਰਕਾਰ ਨੂੰ ਲਲਕਾਰਨ ਵਾਲੇ ਹਨ। ਕਿਸਾਨਾਂ ਵੱਲੋਂ ਅੱਜ ਰੇਲ ਰੋਕੋ ਮੁਹਿੰਮ ਦਾ ਸੱਦਾ ਦਿੱਤਾ ਗਿਆ ਹੈ । ਜਿੱਥੇ ਇੱਕ ਪਾਸੇ ਅੰਦੋਲਨਕਾਰੀ ਕਿਸਾਨ ਲਗਾਤਾਰ ਭਾਰਤ ਸਰਕਾਰ ਨਾਲ ਗੱਲਬਾਤ ਦੀ ਮੰਗ ਕਰ ਰਹੇ ਹਨ, ਉੱਥੇ ਹੀ ਉਹ ਅੰਦੋਲਨ ਨੂੰ ਤੇਜ਼ ਕਰਨ ਵਿੱਚ ਵੀ ਰੁੱਝੇ ਹੋਏ ਹਨ । ਇਸ ਕੜੀ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੂਰੇ ਦੇਸ਼ ਵਿੱਚ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ ।
ਦਰਅਸਲ, ਰੇਲ ਰੋਕੋ ਮੁਹਿੰਮ ਦੇ ਤਹਿਤ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਕਿਸਾਨ ਆਪਣੇ ਨਜ਼ਦੀਕੀ ਰੇਲਵੇ ਸਟੇਸ਼ਨ ਜਾ ਕੇ ਰੇਲ ਰੋਕਣਗੇ। ਇਸ ਦੌਰਾਨ ਕਿਸਾਨ ਸਭ ਤੋਂ ਪਹਿਲਾਂ ਫੁੱਲਾਂ ਦੀ ਮਾਲਾ ਨਾਲ ਰੇਲ ਦਾ ਸਵਾਗਤ ਕਰਨਗੇ ਅਤੇ ਫਿਰ ਰੇਲ ਯਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਅੰਦੋਲਨਕਾਰੀ ਕਿਸਾਨ ਰੇਲ ਯਾਤਰੀਆਂ ਨੂੰ ਪਾਣੀ, ਦੁੱਧ ਅਤੇ ਚਾਹ ਵੀ ਪਿਆਉਣਗੇ । ਬੱਚਿਆਂ ਲਈ ਦੁੱਧ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
ਬੁੱਧਵਾਰ ਨੂੰ ਭਾਕਿਯੂ ਦੇ ਕੌਮੀ ਬੁਲਾਰੇ ਨੇ ਸਮੂਹ ਯੂਨੀਅਨ ਦੇ ਸਾਰੇ ਵਰਕਰਾਂ ਨੂੰ ਦੁੱਧ, ਚਾਹ ਅਤੇ ਪਾਣੀ ਦਾ ਪ੍ਰਬੰਧ ਕਰਕੇ ਨਜ਼ਦੀਕੀ ਰੇਲਵੇ ਸਟੇਸ਼ਨ ਪਹੁੰਚਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਰੇਲ ਰੋਕਦੇ ਸਮੇਂ ਸ਼ਾਂਤੀ ਬਣਾਈ ਰੱਖੋ । ਉਨ੍ਹਾਂ ਨੇ ਰੇਲ ਯਾਤਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਥੋੜ੍ਹਾ ਸਮਾਂ ਦੇਣ ਅਤੇ ਅੰਦੋਲਨ ਵਿੱਚ ਸਹਿਯੋਗ ਕਰਨ।
ਉੱਥੇ ਹੀ ਗਾਜੀਪੁਰ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲਗਾਤਾਰ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਲਗਾਤਾਰ ਪੰਚਾਇਤਾਂ ਕਰ ਰਹੇ ਹਾਂ । ਇਨ੍ਹਾਂ ਪੰਚਾਇਤਾਂ ਵਿੱਚ ਸਾਨੂੰ ਕਿਸਾਨਾਂ ਅਤੇ ਮਜ਼ਦੂਰਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ । ਕਿਸਾਨ ਪੰਚਾਇਤਾਂ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ । ਅਸੀਂ ਦੇਸ਼ ਦੇ ਸਾਰੇ ਰਾਜਾਂ ਵਿੱਚ ਜਾ ਕੇ ਕਿਸਾਨਾਂ ਨੂੰ ਆਪਣੇ ਅੰਦੋਲਨ ਨਾਲ ਜੋੜਾਂਗੇ।
ਦੱਸ ਦੇਈਏ ਕਿ ਕਿਸਾਨਾਂ ਦੇ ਰੇਲ ਰੋਕਣ ਦੇ ਐਲਾਨ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸਿਜ਼ (RPSF) ਦੀਆਂ 20 ਹੋਰ ਕੰਪਨੀਆਂ ਯਾਨੀ ਕਿ 20 ਹਜ਼ਾਰ ਵਾਧੂ ਜਵਾਨ ਤੈਨਾਤ ਕੀਤੇ ਗਏ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਤੈਨਾਤ ਕੀਤਾ ਗਿਆ ਹੈ । ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਡੀਜੀ ਅਰੁਣ ਕੁਮਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਟ੍ਰੇਨ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ।
ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਫਿਰ ਐਕਸ਼ਨ ‘ਚ, ਕਿਉਂ ਲੱਗ ਰਹੀਆਂ ਮੁੜ ਕੰਡਿਆਲੀਆਂ ਤਾਰਾਂ, ਦੇਖੋ ਹਲਾਤ