ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਦੇ ਦਿਨ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ।
ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਆਪਣੇ ਸਾਥੀ ਕਿਸਾਨਾਂ ਨਾਲ ਮਿਲ ਕੇ ਕਾਲੇ ਝੰਡੇ ਲਹਿਰਾਏ ਗਏ ।
ਇਹ ਵੀ ਪੜ੍ਹੋ: ਓਡੀਸ਼ਾ ਤੱਟ ‘ਤੇ ਟਕਰਾਇਆ ਚੱਕਰਵਾਤ ‘ਯਾਸ’, ਸਮੁੰਦਰ ਤੋਂ ਉੱਠ ਰਹੀਆਂ ਨੇ 6 ਮੀਟਰ ਉੱਚੀਆਂ ਲਹਿਰਾਂ
ਦਰਅਸਲ, ਕਿਸਾਨਾਂ ਵੱਲੋਂ ਕੀਤੇ ਗਏ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਾਲੇ ਝੰਡੇ ਫੜੇ ਕੇ ਵਿਰੋਧ ਪ੍ਰਦਰਸ਼ਨ ਕੀਤਾ । ਕਿਸਾਨਾਂ ਨੇ ਵਿਰੋਧ ਪ੍ਰਦਸ਼ਨ ਕਰਦਿਆਂ ਗਾਜ਼ੀਪੁਰ ਬਾਰਡਰ ‘ਤੇ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ। ਇਸ ਸਬੰਧੀ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਪੁਲਿਸ ਵੱਲੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਕਾਲਾ ਦਿਵਸ ਮਨਾ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਿੰਨਾ ਸਮਾਂ ਇੰਨ੍ਹਾ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਅਸੀਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਿਰ ਕਰ ਰਹੇ ਹਾਂ । ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਡਟੇ ਹੋਏ ਹਨ ।