Farmers protest congress : ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਲਗਾਤਾਰ ਘਿਰੀ ਹੋਈ ਹੈ। ਪਿੱਛਲੇ 50 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ਕਾਂਗਰਸ ਵੀ ਇੱਕ ਵਾਰ ਫਿਰ ਸੜਕਾਂ ‘ਤੇ ਉੱਤਰਣ ਜਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦਿੱਲੀ ਦੀਆਂ ਸੜਕਾਂ ‘ਤੇ ਉੱਤਰਣਗੇ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੇ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਵੀ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਰਾਹੁਲ ਨੇ ਲਿਖਿਆ ਕਿ ਦੇਸ਼ ਦੇ ਅੰਨਦਾਤਾ ਆਪਣੇ ਹੱਕਾਂ ਲਈ ਹੰਕਾਰੀ ਮੋਦੀ ਸਰਕਾਰ ਖਿਲਾਫ ਸੱਤਿਆਗ੍ਰਹਿ ਕਰ ਰਹੇ ਹਨ। ਅੱਜ ਪੂਰਾ ਭਾਰਤ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਅਤੇ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ।
ਦਰਅਸਲ, ਕਾਂਗਰਸ ਅੱਜ ਕਿਸਾਨ ਅਧਿਕਾਰ ਦਿਵਸ ਮਨਾ ਰਹੀ ਹੈ, ਜਿਸ ਦੇ ਤਹਿਤ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਦੀ ਯੋਜਨਾ ਦੇਸ਼ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਖੇਤੀਬਾੜੀ ਕਨੂੰਨ ਦਾ ਵਿਰੋਧ ਕਰਨ ਅਤੇ ਫਿਰ ਇੱਕ ਮੰਗ ਪੱਤਰ ਸੌਂਪਣ ਦੀ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਅਜਿਹਾ ਪ੍ਰਦਰਸ਼ਨ ਕੀਤਾ ਹੈ, ਇਸਦੀ ਘੋਸ਼ਣਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਤਰਫੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਇੱਕ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਕਿਸਾਨ ਅੰਦੋਲਨ, ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ‘ਤੇ ਬੋਲਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰ ਰਹੇ ਹਨ। ਰਾਹੁਲ ਨੇ ਤਿੰਨੋਂ ਕਾਨੂੰਨਾਂ ਨੂੰ ਕਿਸਾਨਾਂ ਲਈ ਨੁਕਸਾਨਦੇਹ ਕਰਾਰ ਦਿੱਤਾ ਹੈ ਅਤੇ ਨਾਲ ਹੀ ਇਸ ਨੂੰ ਅਮੀਰ ਕਾਰੋਬਾਰੀਆਂ ਦੇ ਹੱਕ ‘ਚ ਦੱਸਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕੇਂਦਰ ਸਰਕਾਰ ਦੀ ਜ਼ਿੱਦ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਜਿਹੀ ਸਥਿਤੀ ਵਿੱਚ ਕਾਨੂੰਨਾਂ ਨੂੰ ਤੁਰੰਤ ਵਾਪਿਸ ਲਿਆ ਜਾਣਾ ਚਾਹੀਦਾ ਹੈ।