Farmers protest delhi border : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਪ੍ਰੇਮ ਸਿੰਘ ਭੰਗੂ, ਬਲਵੀਰ ਸਿੰਘ ਰਾਜੇਵਾਲ ਅਤੇ ਕੁਲਦੀਪ ਸਿੰਘ, ਦਰਸ਼ਨਪਾਲ ਸਿੰਘ ਅਤੇ ਰਾਜਿੰਦਰ ਸਿੰਘ ਦੀਪਵਾਲਾ ਸ਼ਾਮਿਲ ਹਨ। ਕਿਸਾਨ ਨੇਤਾਵਾਂ ਦੀ ਇਹ ਕਮੇਟੀ ਤੈਅ ਕਰੇਗੀ ਕਿ ਸਰਕਾਰ ਤੋਂ ਗੱਲਬਾਤ ਲਈ ਪ੍ਰਾਪਤ ਪ੍ਰਸਤਾਵ ‘ਤੇ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ ਜਾਂ ਨਹੀਂ ਅਤੇ ਜੇ ਹਾਂ ਤਾਂ ਇਸ ਦੀ ਰੂਪ ਰੇਖਾ ਕੀ ਹੈ। ਇਹ ਪੰਜ ਮੈਂਬਰੀ ਕਮੇਟੀ ਸਰਕਾਰ ਦੇ ਪ੍ਰਸਤਾਵ ਦੇ ਸੰਬੰਧ ਵਿੱਚ ਇੱਕ ਖਰੜਾ ਤਿਆਰ ਕਰੇਗੀ ਅਤੇ ਉਸ ਤੋਂ ਬਾਅਦ ਉਸ ਖਰੜੇ ਦੇ ਸੰਬੰਧ ਵਿੱਚ 40 ਕਿਸਾਨ ਨੇਤਾਵਾਂ ਦੀ ਮੀਟਿੰਗ ਕੀਤੀ ਜਾਣੀ ਹੈ। ਇਹ ਖਰੜਾ ਉਸ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕੀ ਸਰਕਾਰ ਨਾਲ ਗੱਲਬਾਤ ਕੀਤੀ ਜਾਏਗੀ ਜਾ ਨਹੀਂ ਅਤੇ ਜੇ ਹਾਂ ਤਾ ਇਸ ਲਈ ਰੂਪ ਰੇਖਾ ਕੀ ਹੋਵੇਗੀ।
ਇਹ ਵੀ ਦੇਖੋ : UP ਪੁਲਿਸ ਨਾਲ ਜਾ ਭਿੜੇ ਮਨਜਿੰਦਰ ਸਿਰਸਾ ਨੇ ਯੋਗੀ ਤੇ ਮੋਦੀ ਸਰਕਾਰ ਦਾ ਝੰਡ ਕੱਢ ਸੁੱਟਿਆ