Farmers protest govt talks : ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਪਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਘਰ ਮਿਲਣ ਜਾ ਰਹੇ ਹਨ। ਗੱਲਬਾਤ ਤੋਂ ਪਹਿਲਾਂ ਸਰਕਾਰ ਵੱਲੋਂ ਇੱਕ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ।
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕੱਲ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢਿਆ ਸੀ। ਜੋ ਕਿ ਸਫਲ ਵੀ ਰਿਹਾ ਸੀ। ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਇੱਕ ਵਾਰ ਫਿਰ ਵਿਗਿਆਨ ਭਵਨ ਵਿਖੇ ਹੋਣੀ ਹੈ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇ, ਐਮਐਸਪੀ ਉੱਤੇ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਸਰਕਾਰ ਐਮਐਸਪੀ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਤਿਆਰ ਹੈ, ਪਰ ਕਾਨੂੰਨ ਵਾਪਿਸ ਲੈਣ ਲਈ ਤਿਆਰ ਨਹੀਂ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚਾਰ ਵਟਾਂਦਰਾ ਦੁਪਹਿਰ 2 ਵਜੇ ਹੋਵੇਗਾ।