Farmers protest in mumbai : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਕਿਸਾਨਾਂ ਦੇ ਅੰਦੋਲਨ ਨੂੰ ਹੁਣ ਪੂਰੇ ਦੇਸ਼ ਦੇ ਕਿਸਾਨਾਂ ਦਾ ਸਾਥ ਮਿਲ ਰਿਹਾ ਹੈ। ਇਸੇ ਦੇ ਤਹਿਤ ਅੱਜ ਮੁੰਬਈ ਦੀਆਂ ਕਈ ਸੰਸਥਾਵਾਂ ਅਤੇ ਕਿਸਾਨਾਂ ਨੇ ਦਿੱਲੀ ਦੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਹੈ। ਨਵੇਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਮਾਰਚ ਬਾਂਦਰਾ ਕੁਲੈਕਟਰ ਦਫਤਰ ਤੋਂ ਰਿਲਾਇੰਸ ਕਾਰਪੋਰੇਟ ਦਫਤਰ ਤੱਕ ਕੱਢਿਆ ਗਿਆ ਸੀ। ਇਸ ਦੌਰਾਨ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੱਧ ਪ੍ਰਦੇਸ਼ ਦੀ ਨਰਮਦਾ ਘਾਟੀ ਦੇ ਕਿਸਾਨਾਂ, ਮਜ਼ਦੂਰਾਂ ਨੇ ਸਮਾਜ ਸੇਵਕ ਮੇਧਾ ਪਾਟਕਰ ਦੀ ਅਗਵਾਈ ਹੇਠ ਟਰੈਕਟਰਾਂ ਦੀ ਰੈਲੀ ਕੱਢ ਕੇ ਦਿੱਲੀ ਵਿੱਚ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦਾ ਪ੍ਰਣ ਲਿਆ ਹੈ। ਇਹ ਰੈਲੀ ਕੱਲ੍ਹ ਬੜਵਾਨੀ, ਅਜੜ, ਮੰਡਵਾੜਾ, ਦੀਵਾਨਾ, ਠੀਕਰੀ ਹੁੰਦੇ ਹੋਏ ਧਾਰ ਪਹੁੰਚੇਗੀ। ਕਿਸਾਨਾਂ ਨੇ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ 11 ਮੈਂਬਰਾਂ ਦਾ ਸਮੂਹ ਬਦਲਵੇਂ ਤੌਰ ‘ਤੇ 24 ਘੰਟੇ ਦੀ ਭੁੱਖ ਹੜਤਾਲ ‘ਤੇ ਬੈਠੇਗਾ। ਪੰਜ ਰਾਊਂਡ ਦੀ ਬੈਠਕ ਅਸਫਲ ਹੋਣ ਤੋਂ ਬਾਅਦ, ਸਰਕਾਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦੇ ਅਗਲੇ ਦੌਰ ਦੀ ਤਰੀਕ ਤੈਅ ਕਰਨ ਲਈ ਕਿਹਾ ਹੈ। ਸਰਕਾਰ 40 ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਲਈ ਤਿਆਰ ਹੈ।