Farmers protest LIVE updates: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਦਰਅਸਲ, ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਗੱਲ ਕਰਨਗੇ ਪਰ ਉਨ੍ਹਾਂ ਦੀਆਂ ਕੁਝ ਸ਼ਰਤਾਂ ਹੋਣਗੀਆਂ ।
ਉੱਥੇ ਹੀ ਸੋਮਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਉਨ੍ਹਾਂ ਦੇ ਸੰਪਰਕ ਵਿੱਚ ਹੈ । ਗੌਰਤਲਬ ਹੈ ਕਿ ਕਿਸਾਨ ਯੂਨੀਅਨਾਂ ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ । ਤੋਮਰ ਨੇ ਕਿਹਾ, ‘ਬੈਠਕ ਨਿਸ਼ਚਤ ਤੌਰ ‘ਤੇ ਹੋਵੇਗੀ । ਅਸੀਂ ਕਿਸਾਨਾਂ ਦੇ ਸੰਪਰਕ ਵਿੱਚ ਹਾਂ ।” ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ । ਕਿਸਾਨੀ ਨੇਤਾਵਾਂ ਨੂੰ ਇਹ ਫੈਸਲਾ ਕਰਨਾ ਪਵੇਗਾ ਕਿ ਉਹ ਅਗਲੀ ਬੈਠਕ ਲਈ ਕਦੋਂ ਤਿਆਰ ਹਨ।
ਦੱਸ ਦੇਈਏ ਕਿ ਧਰਨਾ ਦੇ ਰਹੇ ਕਿਸਾਨਾਂ ਦੀਆਂ 40 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਰਕਾਰ ਦੀ ਗੱਲਬਾਤ ਦੀ ਅਗਵਾਈ ਤੋਮਰ ਕਰ ਰਹੇ ਹਨ । ਇਸ ਵਿੱਚ ਉਨ੍ਹਾਂ ਨਾਲ ਕੇਂਦਰੀ ਵਣਜ ਅਤੇ ਉਦਯੋਗ ਅਤੇ ਖੁਰਾਕ ਰਾਜ ਮੰਤਰੀ ਪੀਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਿਲ ਹਨ । ਜ਼ਿਕਰਯੋਗ ਹੈ ਕਿ ਕੇਂਦਰ ਅਤੇ ਕਿਸਾਨ ਨੇਤਾਵਾਂ ਵਿਚਾਲੇ ਹੁਣ ਤੱਕ ਪੰਜ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਨਤੀਜਾ ਰਹੀ ਹੈ ।
ਦਰਅਸਲ, ਕਿਸਾਨ ਅੱਜ ਅੰਦੋਲਨ ਦੀ ਅੱਗੇ ਦੀ ਰਣਨੀਤੀ ਤੈਅ ਕਰਨਗੇ, ਇਸ ਲਈ ਕਿਸਾਨ ਨੇਤਾਵਾਂ ਦੀ ਅੱਜ ਇੱਕ ਅਹਿਮ ਮੀਟਿੰਗ ਹੋਣੀ ਹੈ। ਅੱਜ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ ।
ਇਹ ਵੀ ਦੇਖੋ: ਰਾਜੇਵਾਲ ਦੇ ਬਿਆਨ ਤੇ ਸੁਣੋ ਬਲਦੇਵ ਸਿਰਸਾ ਦਾ ਵੱਡਾ Interview