Farmers Protest Live Updates: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਇਸੇ ਵਿਚਾਲੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨਾਂ ਅਤੇ ਸਰਕਾਰ ਵਿਚਾਲੇ 5ਵੇਂ ਦੌਰ ਦੀ ਬੈਠਕ ਹੈ। ਇਸ ਗੱਲਬਾਤ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੁਝ ਫੈਸਲੇ ਕਰ ਲਏ ਹਨ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਹੈ । ਕਿਸਾਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਨੂੰ ਜਾਣ ਵਾਲੀਆਂ ਹੋਰ ਸੜਕਾਂ ਨੂੰ ਬੰਦ ਕਰ ਦੇਣਗੇ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਉਹ ਦਿੱਲੀ ਪੁਲਿਸ ਤੋਂ ਇਜਾਜ਼ਤ ਮੰਗੇਗੀ ਕਿ ਉਹ ਕਿਸਾਨਾਂ ਨੂੰ ਆਪਣੇ ਟਰੈਕਟਰਾਂ ‘ਤੇ ਮਹਾਂਨਗਰ ਵਿੱਚ ਘੁੰਮਣ ਦੀ ਆਗਿਆ ਦੇਣ ਤਾਂ ਜੋ ਉਹ ਲਾਲ ਕਿਲ੍ਹੇ ਅਤੇ ਰਾਸ਼ਟਰਪਤੀ ਭਵਨ ਵਰਗੇ ਪ੍ਰਸਿੱਧ ਸਥਾਨਾਂ ਦਾ ਦੌਰਾ ਕਰ ਸਕਣ । ਬੀਕੇਯੂ ਦੇ ਕੌਮੀ ਪ੍ਰਧਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ਕਿਸਾਨ ਗਾਜੀਪੁਰ ਦੀ ਸਰਹੱਦ ‘ਤੇ ਵਾਪਸ ਆ ਜਾਣਗੇ । ਇੱਥੇ ਪ੍ਰਦਰਸ਼ਨ ਕਰ ਰਹੇ ਬਹੁਤ ਸਾਰੇ ਕਿਸਾਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਪਹਿਲੀ ਵਾਰ ਆਏ ਹਨ ਅਤੇ ਉਨ੍ਹਾਂ ਨੂੰ ਮਹਾਂਨਗਰ ਵੇਖਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨਾਂ ਅੱਜ 10 ਦਿਨ ਹੋ ਗਏ ਹਨ ਅਤੇ ਇਸ ਦੌਰਾਨ ਦੋ ਵਾਰ ਕੇਂਦਰ ਸਰਕਾਰ ਨਾਲ ਗੱਲਬਾਤ ਹੋਈ ਹੈ । ਪਰ ਅਜੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲ ਸਕਿਆ ਹੈ। ਕਿਸਾਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ, ਉਹ MSP ਨੂੰ ਲੈ ਕੇ ਪੱਕਾ ਵਿਸ਼ਵਾਸ ਚਾਹੁੰਦੇ ਹਨ । ਹਾਲਾਂਕਿ ਸਰਕਾਰ ਕਾਨੂੰਨ ਵਾਪਸ ਲੈਣ ਦੀ ਗੱਲ ਨੂੰ ਨਹੀਂ ਮੰਨ ਰਹੀ, ਪਰ ਕਿਸਾਨਾਂ ਦੀਆਂ ਕੁਝ ਮੰਗਾਂ ਹਨ ਜਿਨ੍ਹਾਂ ‘ਤੇ ਸਰਕਾਰ ਸਹਿਮਤ ਹੁੰਦੀ ਦਿਖਾਈ ਦੇ ਰਹੀ ਹੈ।
ਇਹ ਵੀ ਦੇਖੋ: 20ਵੀਂ ਵਾਰ ਦਿੱਲੀ ਜਿੱਤਣ ਲਈ ਮੋਰਾਂਵਾਲੀ ਨੇ ਸਟੇਜ ਤੋਂ ਕਰਤਾ ਵੱਡਾ ਐਲਾਨ, ਹੁਣ ਪਊ ਸਰਕਾਰਾਂ ਨੂੰ ਵਕਤ!