Farmers protest priyanka gandhi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਦੇ ਤਾਜ਼ਾ ਸੋਧਾਂ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਗੱਲਬਾਤ ਦੇ ਟੇਬਲ ’ਤੇ ਆਵੇ, ਅਤੇ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲਏ। ਦੂਜੇ ਪਾਸੇ ਕਿਸਾਨਾਂ ਦੇ ਮੁੱਦੇ ‘ਤੇ ਸਿਆਸੀ ਪਾਰਾ ਵੀ ਕਾਫੀ ਵੱਧ ਗਿਆ ਹੈ। ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਮਾਰਚ ਕੱਢ ਰਿਹਾ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਪਾਰਟੀ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ। ਕਾਂਗਰਸ ਸੰਸਦ ਰਾਹੁਲ ਗਾਂਧੀ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ ਸਨ, ਦੂਜੇ ਪਾਸੇ ਮਾਰਚ ਵਿੱਚ ਸ਼ਾਮਿਲ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਰਾਹੁਲ ਗਾਂਧੀ ਦੀ ਮੁਲਾਕਾਤ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਵੀ ਰਿਹਾ ਕਰ ਦਿੱਤਾ ਗਿਆ ਹੈ। ਪ੍ਰਿਅੰਕਾ ਗਾਂਧੀ ਸਮੇਤ ਨਜ਼ਰਬੰਦ ਕੀਤੇ ਗਏ ਹੋਰ ਕਾਂਗਰਸੀ ਨੇਤਾਵਾਂ ਨੂੰ ਵੀ ਹੁਣ ਰਿਹਾ ਕਰ ਦਿੱਤਾ ਗਿਆ ਹੈ। ਹਿਰਾਸਤ ਵਿੱਚ ਲਈ ਗਈ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ। ਅੱਜ, ਜੋ ਵੀ ਸਰਕਾਰ ਨੂੰ ਸਵਾਲ ਕਰਦਾ ਹੈ, ਉਹ ਉਸ ਨੂੰ ਦੇਸ਼ਧ੍ਰੋਹੀ ਕਹਿ ਦਿੰਦੇ ਹਨ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਦੇ ਦਿਲ ਵਿੱਚ ਕਿਸਾਨਾਂ ਲਈ ਕੋਈ ਸਤਿਕਾਰ ਨਹੀਂ ਹੈ। ਹਿਰਾਸਤ ਵਿੱਚ ਲੈਣ ਤੋਂ ਪਹਿਲਾਂ, ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਕਿਹਾ, “ਭਾਜਪਾ ਸਰਕਾਰ ਕਿਸਾਨਾਂ ਦੇ ਢਿੱਡ ‘ਤੇ ਲੱਤ ਮਾਰ ਰਹੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਨਾਲ ਖੜੀਏ, ਇਸ ਲਈ ਅਸੀਂ ਆਪਣਾ ਫਰਜ਼ ਨਿਭਾਵਾਂਗੇ।”
ਇਹ ਵੀ ਦੇਖੋ : ਅੰਮ੍ਰਿਤਸਰ ‘ਚ ਸਿਆਸੀ ਲੋਕਾਂ ਨੇ ਇਸ ਤਰ੍ਹਾਂ ਮਨਾਇਆ ਕਿਸਾਨ ਦਿਵਸ, ਪੂਰਾ ਦਿਨ ਕੀਤੀ ਭੁੱਖ ਹੜਤਾਲ