Farmers protest tractor march : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 38 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ। ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਠੰਡ ਵਿੱਚ ਵੀ ਜਾਰੀ ਹੈ। ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਸਖਤ ਰਵੱਈਆ ਦਿਖਾ ਰਹੇ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖੇਤੀਬਾੜੀ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ। ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਕਾਨੂੰਨ ਵਾਪਿਸ ਨਹੀਂ ਲਿਆ ਜਾਂਦਾ।
ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਰਕਾਰ ‘ਤੇ ਹਮਲਾ ਬੋਲਿਆ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਜਿਸ ਤਰੀਕੇ ਨਾਲ ਪ੍ਰਚਾਰ ਪ੍ਰਸਾਰ ਕਰ ਰਹੀ ਹੈ, ਅਸੀਂ ਇਸ ਨੂੰ ਗਲਤ ਸਾਬਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ, ਅਸੀਂ ਇੱਕ ਦੇਸ਼ ਇੱਕ ਬਾਜ਼ਾਰ (ਮੰਡੀ) ਬਣਾਇਆ ਹੈ। ਅਸੀਂ ਕਿਹਾ ਕਿ ਤੁਸੀਂ ਇੱਕ ਦੇਸ਼ ਅਤੇ ਦੋ ਬਾਜ਼ਾਰ ਬਣਾਏ ਹਨ। ਕਿਸਾਨ ਮੋਰਚਾ ਦੀ ਪ੍ਰੈਸ ਕਾਨਫਰੰਸ ਦੌਰਾਨ, ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ 23 ਜਨਵਰੀ ਨੂੰ ਅਸੀਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਕਰਾਂਗੇ ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਇੱਕ ‘ਟਰੈਕਟਰ ਕਿਸਾਨ ਪਰੇਡ’ ਆਯੋਜਿਤ ਕੀਤਾ ਜਾਵੇਗਾ। ਕਿਸਾਨ ਯੂਨੀਅਨ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਨ ਸੀ, ਸ਼ਾਂਤੀਪੂਰਨ ਹਾਂ ਤੇ ਸ਼ਾਂਤੀਪੂਰਨ ਰਹਾਂਗੇ ਪਰ ਉਦੋਂ ਤੱਕ ਦਿੱਲੀਆਂ ਦੀਆਂ ਸਰਹੱਦਾਂ ‘ਤੇ ਡਟੇ ਰਹਾਂਗੇ ਜਦੋਂ ਤਕ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।