Farmers protest up border : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆ ਸਰਹੱਦਾਂ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 64 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਲੋਂ ਤਿੰਨੋ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ MSP ਨੂੰ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ‘ਚ ਕੁੱਝ ਜਗ੍ਹਾ ਹੋਏ ਹੰਗਾਮੇ ਦੇ ਬਾਅਦ ਹੁਣ ਦਿੱਲੀ ਪੁਲਿਸ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਪੁਲਿਸ ਨੇ ਕਈ ਕਿਸਾਨ ਨੇਤਾਵਾਂ ਨੂੰ ਨੋਟਿਸ ਸੌਂਪੇ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਵਿੱਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮਿਲੇ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਹਰਕਤ ਵਿੱਚ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਧਰਨੇ ਨੂੰ ਖਤਮ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ-ਪ੍ਰਸ਼ਾਸਨ ਨੂੰ ਧਰਨਾ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਯੂਪੀ ਦੇ ਕਈ ਸ਼ਹਿਰਾਂ ਵਿੱਚ ਪਿੱਛਲੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। 26 ਜਨਵਰੀ ਨੂੰ ਦਿੱਲੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਕਿਸਾਨ ਆਗੂ ਨਿਸ਼ਾਨੇ ‘ਤੇ ਹਨ ਅਤੇ ਕਈ ਕਿਸਾਨ ਆਗੂਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।