Farmers protest updates: ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਰਾਜਧਾਨੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋਵੇਗਾ । ਨਵੇਂ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜੱਥੇਬੰਦੀਆਂ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਕਿਹਾ ਕਿ ਹੁਣ ਉਨ੍ਹਾਂ ਦਾ ਅੰਦੋਲਨ ਤੇਜ਼ ਹੋਵੇਗਾ । ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ, ਹਰਿਆਣਾ ਤੋਂ ਵਧੇਰੇ ਕਿਸਾਨ ਜਥੇਬੰਦੀਆਂ ਬੁੱਧਵਾਰ ਨੂੰ ਦਿੱਲੀ ਆਉਣਗੀਆਂ । ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਵੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਆ ਸਕਦੇ ਹਨ।
ਸਰਕਾਰ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਆਲ ਇੰਡੀਆ ਕਿਸਾਨ ਸੰਮਤੀ ਦੇ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ 3 ਦਸੰਬਰ ਨੂੰ ਵੀਸਰਕਾਰ ਨਾਲ ਉਨ੍ਹਾਂ ਦੀ ਗੱਲਬਾਤ ਹੋਣੀ ਹੈ ਅਤੇ ਉਮੀਦ ਹੈ ਕਿ ਸਰਕਾਰ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਕਾਨੂੰਨ ਵਾਪਸ ਲਵੇਗੀ । ਆਸ਼ੂਤੋਸ਼ ਨੇ ਕਿਹਾ ਕਿ ਉਦੋਂ ਤੱਕ ਕਿਸਾਨ ਅੰਦੋਲਨ ਨਾ ਸਿਰਫ ਜਾਰੀ ਰਹੇਗੀ ਬਲਕਿ ਹੋਰ ਤੇਜ਼ ਹੋਵੇਗੀ।
ਉਨ੍ਹਾਂ ਕਿਹਾ ਕਿ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਆਉਣਗੇ ਅਤੇ ਅੰਦੋਲਨ ਨੂੰ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵਧਾਉਣਗੇ । ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਉੱਤਰ ਪ੍ਰਦੇਸ਼ ਤੋਂ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਆਉਣਗੇ । ਇਹ ਵੀ ਕਿਹਾ ਕਿ ਹੁਣ ਮੱਧ ਪ੍ਰਦੇਸ਼ ਦੇ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਆ ਸਕਦੇ ਹਨ ।
ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਨਾਲ ਬੈਠਕ ਬੇਨਤੀਜਾ ਹੋਣ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਕਿਹਾ ਕਿ ਉਹ ਇਹ ਨਵੇਂ ਕਾਨੂੰਨ ਰੱਦ ਹੋਣ ਤੱਕ ਇੱਥੇ ਹੀ ਡਟੇ ਰਹਿਣਗੇ। ਕਿਸਾਨ ਕੇਂਦਰ ਸਰਕਾਰ ਵੱਲੋਂ ਕਮੇਟੀ ਬਣਾਉਣ ਲਈ ਤਿਆਰ ਨਹੀਂ ਹਨ । ਕਿਸਾਨਾਂ ਨੂੰ ਕਮੇਟੀ ‘ਤੇ ਕੋਈ ਇਤਰਾਜ਼ ਨਹੀਂ ਹੈ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਮੇਟੀ ਕਿਸੇ ਸਿੱਟੇ ‘ਤੇ ਨਹੀਂ ਪਹੁੰਚਦੀ ਅਤੇ ਕੁਝ ਵੀ ਠੋਸ ਗੱਲ ਨਹੀਂ ਨਿਕਲਦੀ , ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ । ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਪ੍ਰਸਤਾਵ ਦਿੱਤਾ ਹੈ ਕਿ ਕਮੇਟੀ ਰੋਜ਼ ਬੈਠ ਕੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਤਾਂ ਜੋ ਨਤੀਜੇ ਜਲਦੀ ਆ ਸਕਣ । ਉੱਥੇ ਹੀ ਦੂਜੇ ਪਾਸੇ ਸਿੰਘੁ ਬਾਰਡਰ ‘ਤੇ ਮੌਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਸਰਕਾਰ ਤਿੰਨੋਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਜੇ ਇਸ ਤਰ੍ਹਾਂ ਜਾਰੀ ਰਿਹਾ ਤਾਂ ਅੰਦੋਲਨ ਹੋਰ ਵੱਡਾ ਹੋਵੇਗਾ ।