Farmers Protest Updates: ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 17ਵਾਂ ਦਿਨ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਪੂਰੇ ਦੇਸ਼ ਵਿੱਚ ਰੋਜ਼ਾਨਾ ਪ੍ਰਦਰਸ਼ਨ ਹੋਣਗੇ । ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 14 ਤਰੀਕ ਨੂੰ ਧਰਨੇ ਦਿੱਤੇ ਜਾਣਗੇ, ਜੋ ਧਰਨੇ ਵਿੱਚ ਸ਼ਾਮਿਲ ਨਹੀਂ ਹੋਵੇਗਾ, ਉਹ ਦਿੱਲੀ ਕੂਚ ਕਰੇਗਾ । 12 ਤਰੀਕ ਨੂੰ ਜੈਪੁਰ-ਦਿੱਲੀ ਹਾਈਵੇ ਰੋਕਿਆ ਜਾਵੇਗਾ ਅਤੇ 12 ਤਰੀਕ ਨੂੰ ਹੀ ਇੱਕ ਦਿਨ ਲਈ ਦੇਸ਼ ਭਰ ਦੇ ਟੋਲ ਪਲਾਜ਼ਾ ਮੁਫਤ ਕੀਤੇ ਜਾਣਗੇ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਵੇਖਦਿਆਂ ਸਰਹੱਦ’ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ । ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਗੌਰਤਲਬ ਹੈ ਕਿ ਕੇਂਦਰ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਬੇਨਤੀਜਾ ਰਹਿਣ ਦੇ ਬਾਅਦ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ ‘ਤੇ ਡਟੇ ਹੋਏ ਹਨ ।