Farmers to hold rail roko protest: ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਕਿਸਾਨਾਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 18 ਫਰਵਰੀ ਨੂੰ ਦੇਸ਼ ਭਰ ਵਿੱਚ 4 ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ।
ਇਸ ਸਬੰਧੀ ਕਿਸਾਨਾਂ ਦੇ ਸੰਗਠਨ ਕਿਸਾਨ ਮੋਰਚਾ ਦੇ ਆਗੂ ਡਾ: ਦਰਸ਼ਨ ਪਾਲ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਅਗਲੇ ਹਫ਼ਤੇ ਦੇ ਪ੍ਰੋਗਰਾਮ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਗਿਆ । ਮੋਰਚੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦੀ ਮੀਟਿੰਗ ਵਿੱਚ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ ਹੈ । ਇਸ ਦੇ ਲਈ ਅਗਲੇ ਕੁਝ ਦਿਨਾਂ ਦੀ ਯੋਜਨਾ ਦਾ ਖੁਲਾਸਾ ਵੀ ਕੀਤਾ ਗਿਆ ਹੈ । ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਵੀ ਟੌਲ ਮੁਕਤ ਕੀਤੇ ਜਾਣਗੇ । ਇਸ ਤੋਂ ਬਾਅਦ 14 ਮਾਰਚ ਨੂੰ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਕੈਂਡਲ ਮਾਰਚ, ਮਸ਼ਾਲ ਜਲੂਸ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਮੋਰਚੇ ਨੇ ਦੱਸਿਆ ਕਿ 16 ਫਰਵਰੀ ਨੂੰ ਕਿਸਾਨਾਂ ਦੇ ਮਸੀਹਾ ਸਰ ਛੋਟੂਰਾਮ ਦੇ ਜਨਮ ਦਿਵਸ ਮੌਕੇ ਦੇਸ਼ ਭਰ ਵਿੱਚ ਕਿਸਾਨ ਏਕਤਾ ਦਾ ਪ੍ਰਦਰਸ਼ਨ ਕਰਨਗੇ । ਹਾਲਾਂਕਿ, ਮੋਰਚੇ ਵੱਲੋਂ 18 ਫਰਵਰੀ ਦੇ ਦਿਨ ਦੇਸ਼ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਉਣ ਦੀ ਗੱਲ ਕਹੀ ਗਈ ਹੈ। ਕਿਸਾਨ ਮੋਰਚਾ ਨੇ ਦੱਸਿਆ ਕਿ 18 ਫਰਵਰੀ ਨੂੰ ਦੇਸ਼ ਭਰ ਵਿੱਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕ ਰੇਲ ਰੋਕੋ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਇੰਨਾ ਵੱਡਾ ਦੇਸ਼ ਹੈ, ਕੋਈ ਵੀ ਫੈਸਲਾ ਹਰ ਕਿਸੇ ਲਈ 100 ਪ੍ਰਤੀਸ਼ਤ ਸਵੀਕਾਰਯੋਗ ਹੋਵੇ ਅਜਿਹਾ ਸੰਭਵ ਨਹੀਂ ਹੈ । ਇਹ ਦੇਸ਼ ਵਿਭਿੰਨਤਾਵਾਂ ਨਾਲ ਭਰਿਆ ਹੋਇਆ ਹੈ, ਕੁਝ ਥਾਵਾਂ ‘ਤੇ ਇਸਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਅਤੇ ਕੁਝ ਸਥਾਨਾਂ ‘ਤੇ ਇਸਦਾ ਘੱਟ ਲਾਭ ਹੋਵੇਗਾ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਬਾਰੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, ‘ਮੈਂ ਕਿਸਾਨ ਅੰਦੋਲਨ ਨੂੰ ਪਵਿੱਤਰ ਮੰਨਦਾ ਹਾਂ ਪਰ ਜਦੋਂ ਅੰਦੋਲਨਕਾਰੀ ਪਵਿੱਤਰ ਅੰਦੋਲਨ ਨੂੰ ਆਪਣੇ ਲਾਭ ਲਈ ਨਿਕਲਦੇ ਹਨ, ਤਾਂ ਉਹ ਅੰਦੋਲਨ ਦੀ ਪਵਿੱਤਰਤਾ ਨੂੰ ਖਤਮ ਕਰ ਦਿੰਦੇ ਹਨ । ਅੰਦੋਲਨਜੀਵੀ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ । ਦੇਸ਼ ਨੂੰ ਅਜਿਹੇ ਅੰਦੋਲਨਜੀਵੀਆਂ ਦੀ ਪਛਾਣ ਕਰਨ ਦੀ ਲੋੜ ਹੈ।’ ਆਪਣੇ ਲੰਬੇ ਭਾਸ਼ਣ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਇੱਕ ਵਾਰ ਫਿਰ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਆਓ ਟੇਬਲ ‘ਤੇ ਬੈਠ ਕੇ ਮਿਲ ਕੇ ਸਮੱਸਿਆਵਾਂ ਦਾ ਹੱਲ ਕੱਢੀਏ।
ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….